ਚੰਡੀਗੜ੍ਹ ਦੇ ਮਸਲੇ 'ਤੇ ਲੋਕ ਸਭਾ ਵਿੱਚ ਕੋਈ ਬਿੱਲ ਨਹੀਂ ਲਿਆਂਦਾ ਜਾ ਰਿਹਾ: ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਪੰਜਾਬ ਦੇ ਹਿੱਤਾਂ ਨਾਲ ਦ੍ਰਿੜਤਾ ਨਾਲ ਖੜੀ ਹੈ: ਸੁਨੀਲ ਜਾਖੜ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਟਵੀਟ ਨੇ ਸਪੱਸ਼ਟ ਕਰ ਦਿੱਤਾ ਕੀ ਚੰਡੀਗੜ੍ਹ ਦੇ ਮਸਲੇ 'ਚ ਲੋਕਸਭਾ ਦੇ ਸਰਦ ਰੁੱਤ ਸੈਸ਼ਨ 'ਚ ਕੋਈ ਬਿੱਲ ਨਹੀਂ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੇ ਉਹਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਦਾ ਪੰਜਾਬ ਅਤੇ ਪੰਜਾਬੀਆਂ ਦੇ ਪ੍ਰਤੀ ਖ਼ਾਸ ਪਿਆਰ ਹੈ ਅਤੇ ਉਨ੍ਹਾਂ ਦੀ ਸੋਚ ਹਮੇਸ਼ਾ ਪੰਜਾਬ ਪੱਖੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀ ਦਾ ਮਸਲਾ ਹੋਵੇ, ਚੰਡੀਗੜ੍ਹ ਦਾ ਜਾਂ ਹੋਰ ਪੰਜਾਬ ਨਾਲ ਸੰਬੰਧਿਤ ਮੁੱਦੇ ਉਤੇ ਪੰਜਾਬ ਭਾਜਪਾ ਹਮੇਸ਼ਾ ਪੰਜਾਬ ਨਾਲ ਖੜ੍ਹੀ ਸੀ, ਖੜ੍ਹੀ ਹੈ ਅਤੇ ਖੜ੍ਹੀ ਰਹੇਗੀ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਾਰੇ ਮੁੱਦੇ ਭਾਜਪਾ ਨੂੰ ਵਿਰੋਧੀ ਧਿਰਾਂ ਤੋਂ ਵਿਰਾਸਤ ਵਿੱਚ ਮਿਲੇ ਹਨ ਅਤੇ ਭਾਜਪਾ 'ਤੇ ਇਲਜ਼ਾਮ ਲਗਾ ਕੇ ਇਹ ਪਾਰਟੀਆਂ ਆਪਣੀਆਂ ਇਤਿਹਾਸਕ ਗਲਤੀਆਂ 'ਤੇ ਪਰਦਾ ਨਹੀਂ ਪਾ ਸਕਦੀਆਂ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਮੌਜੂਦਾ ਸਰਕਾਰ ਗੈਂਗਸਟਰਵਾਦ ਉੱਤੇ ਬਾਕੀ ਪਾਰਟੀਆਂ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਉਥੇ ਹੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਅਭਿੰਨ ਹਿੱਸਾ ਹੈ ਅਤੇ ਪੰਜਾਬ ਭਾਜਪਾ ਪੰਜਾਬ ਦੇ ਹਿੱਤਾਂ ਨਾਲ ਦ੍ਰਿੜਤਾ ਨਾਲ ਖੜੀ ਹੈ, ਤੇ ਉਹ ਚਾਹੇ ਚੰਡੀਗੜ੍ਹ ਦਾ ਮੁੱਦਾ ਹੋਵੇ ਅਤੇ ਚਾਹੇ ਪੰਜਾਬ ਦੇ ਪਾਣੀਆਂ ਦਾ। ਚੰਡੀਗੜ੍ਹ ਸਬੰਧੀ ਜੋ ਵੀ ਭਰਮ ਦੀ ਸਥਿਤੀ ਪੈਦਾ ਹੋਈ ਹੈ, ਇਸ ਬਾਰੇ ਸਰਕਾਰ ਨਾਲ ਗੱਲ ਕਰਕੇ ਇਹ ਭਰਮ ਵੀ ਦੂਰ ਕੀਤਾ ਜਾਵੇਗਾ।ਮੈ ਖੁਦ ਇਕ ਪੰਜਾਬੀ ਹੋਣ ਦੇ ਨਾਤੇ ਭਰੋਸਾ ਦਿੰਦਾ ਹਾਂ ਕਿ ਸਾਡੇ ਲਈ ਪੰਜਾਬ ਹੀ ਸਭ ਤੋਂ ਪਹਿਲਾਂ ਹੈ।