ਸ਼ਹੀਦੀ ਸਭਾ ਲਈ ਤਿਆਰੀਆਂ ਮੁਕੰਮਲ, ਨਹÄ ਹੋਵੇਗੀ ਕੋਈ ਕਾਨਫ਼ਰੰਸ : ਡੀ.ਸੀ.

ਏਜੰਸੀ

ਖ਼ਬਰਾਂ, ਪੰਜਾਬ

ਸ਼ਹੀਦੀ ਸਭਾ ਲਈ ਤਿਆਰੀਆਂ ਮੁਕੰਮਲ, ਨਹÄ ਹੋਵੇਗੀ ਕੋਈ ਕਾਨਫ਼ਰੰਸ : ਡੀ.ਸੀ.

image

ਸੰਗਤਾਂ ਦੀ ਸੁਰੱਖਿਆ ਲਈ 10 ਐਸ.ਪੀਜ਼ ਸਮੇਤ 3500 ਤੋਂ ਵੱਧ ਜਵਾਨ ਤਾਇਨਾਤ : ਐਸ.ਐਸ.ਪੀ.

ਫ਼ਤਹਿਗੜ੍ਹ ਸਾਹਿਬ, 22 ਦਸੰਬਰ (ਇੰਦਰਪ੍ਰੀਤ ਬਖਸ਼ੀ): ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ 25 ਦਸੰਬਰ ਤੋਂ 27 ਦਸੰਬਰ ਤਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਟਿੱਲੇ ’ਤੇ ਸਥਾਪਤ ਕੀਤੇ ਕੰਟਰੋਲ ਰੂਮ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨਾਲ ਕੀਤੀ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਤੀ। 
ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤ ਦੀ ਆਮਦ ਨੂੰ ਮੁੱਖ ਰਖਦਿਆਂ ਸੰਗਤ ਦੀ ਸਹੂਲਤ ਲਈ ਹਰ ਕਿਸਮ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕੋਰੋਨਾ ਤੋਂ ਬਚਾਣ ਸਬੰਧੀ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ। ਉਨ੍ਹਾਂ ਦਸਿਆ ਕਿ ਸ਼ਹੀਦੀ ਸਭਾ ਦੌਰਾਨ ਕਿਸੇ ਕਿਸਮ ਦੀ ਕਾਨਫ਼ਰੰਸ ਨਹੀਂ ਹੋਵੇਗੀ। ਇਸ ਤੋਂ ਇਲਾਵਾ ਇਸ ਵਾਰ ਪ੍ਰਸ਼ਾਸਨ ਵਲੋਂ ਕੋਈ ਪ੍ਰਦਰਸ਼ਨੀ ਵੀ ਨਹÄ ਲਗਾਈ ਜਾ ਰਹੀ ਅਤੇ ਨਾ ਹੀ ਕੋਈ ਪਾਸ ਜਾਰੀ ਕੀਤੇ ਜਾ ਰਹੇ ਹਨ। 
ਗਿੱਲ ਨੇ ਦਸਿਆ ਕਿ ਸ਼ਹੀਦੀ ਸਭਾ ਦੌਰਾਨ ਬਜ਼ੁਰਗਾਂ, ਔਰਤਾਂ ਤੇ ਬੱਚਿਆਂ ਲਈ ਈ-ਰਿਕਸ਼ਾ ਦੀ ਸਹੂਲਤ ਮੁਹਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਸੰਗਤ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ, ਪਖ਼ਾਨਿਆਂ ਅਤੇ ਇਸਨਾਨ ਘਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸ਼ਹੀਦੀ ਸਭਾ ਦੀ ਧਾਰਮਕ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਸੰਗਤਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ। ਇਸ ਮੌਕੇ ਜ਼ਿਲਾ ਪੁਲਸ ਮੁਖੀ ਅਮਨੀਤ ਕੌਂਡਲ ਨੇ ਦਸਿਆ ਕਿ ਪੁਲਿਸ ਵਲੋਂ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸੁਰੱਖਿਆ ਲਈ 10 ਐਸ.ਪੀ. ਰੈਂਕ ਦੇ ਅਧਿਕਾਰੀਆਂ ਸਮੇਤ 3500 ਤੋਂ ਵੱਧ ਜਵਾਨ ਤਾਇਨਾਤ ਕੀਤੇ ਹਨ।