ਲੁਧਿਆਣਾ ਬਲਾਸਟ: ਮੁੱਖ ਮੰਤਰੀ ਚੰਨੀ ਨੇ ਹਸਪਤਾਲ ਪਹੁੰਚ ਕੇ ਜਾਣਿਆ ਜ਼ਖਮੀਆਂ ਦਾ ਹਾਲ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਕੋਰਟ ਕੰਪਲੈਕਸ ਵਿਚ ਬਲਾਸਟ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ਪਹੁੰਚੇ ਅਤੇ ਧਮਾਕੇ ਵਿਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ।

CM Charanjit Singh Channi meets injured persons at the hospital

ਲੁਧਿਆਣਾ: ਜ਼ਿਲ੍ਹਾ ਕੋਰਟ ਕੰਪਲੈਕਸ ਵਿਚ ਬਲਾਸਟ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ਪਹੁੰਚੇ ਅਤੇ ਉਹਨਾਂ ਬੰਬ ਧਮਾਕੇ ਵਿਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਜ਼ਖਮੀਆਂ ਦਾ ਹਾਲ ਜਾਣਿਆ, ਜ਼ਖਮੀਆਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਾਵੁਕ ਵੀ ਹੋ ਗਏ।

ਪੱਤਰਕਾਰਾਂ ਨਾਲ ਗੱਲ਼ ਕਰਦਿਆਂ ਸੀਐਮ ਚੰਨੀ ਨੇ ਕਿਹਾ ਜਿਸ ਦਿਨ ਤੋਂ ਅਸੀਂ ਨਸ਼ਿਆਂ ਦੇ ਸੌਦਾਗਰਾਂ ਪਿੱਛੇ ਪਏ ਹੋਏ ਹਾਂ, ਉਸ ਦਿਨ ਤੋਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਆਉਣ ਵਾਲੀਆਂ ਚੋਣਾਂ ਕਰਕੇ ਏਜੰਸੀਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰੱਖਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ਬਾਰੇ ਸੀਐਮ ਨੇ ਕਿਹਾ ਕਿ ਐਸਜੀਪੀਸੀ ਵਲੋਂ ਅਪਣੀ ਸਿੱਟ ਦਾ ਗਠਨ ਕੀਤਾ ਗਿਆ ਹੈ, ਉਹਨਾਂ ਦੀ ਰਿਪੋਰਟ ਤੋਂ ਬਾਅਦ ਹੀ ਪੰਜਾਬ ਸਰਕਾਰ ਅਪਣੀ ਕਾਰਵਾਈ ਕਰੇਗੀ।

ਇਸ ਤੋਂ ਪਹਿਲਾਂ ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲੁਧਿਆਣਾ ਬਲਾਸਟ ਦੇ ਜ਼ਖਮੀਆਂ ਨੂੰ ਮਿਲੇ। ਉਹਨਾਂ ਦੱਸਿਆ ਕਿ ਫੋਰੈਂਸਿਕ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਹਮਣੇ ਆਵੇਗੀ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਲਈ ਸੂਬੇ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।