ਆਪ੍ਰੇਸ਼ਨ ਈਗਲ: ਪੰਜਾਬ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸੂਬਾ ਪੱਧਰੀ ਵਿਸ਼ੇਸ਼ ਤਲਾਸ਼ੀ ਮੁਹਿੰਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਭਰ ਵਿੱਚ ਵਾਹਨਾਂ ਦੀ ਚੈਕਿੰਗ ਲਈ 5000 ਪੁਲਿਸ ਕਰਮੀਆਂ ਨਾਲ ਲਗਾਏ ਗਏ 500 ਤੋਂ ਵੱਧ ਮਜ਼ਬੂਤ ਨਾਕੇ

PUNJAB POLICE CONDUCTS STATE-WIDE SPECIAL CHECKING AT BUS STANDS, RAILWAY STATIONS

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨਾਂ ਲਈ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ ਨੇ ਸਾਰੇ 28 ਪੁਲਿਸ ਜ਼ਿਲਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਆਦਿ ਤੋਂ ਸ਼ੱਕੀ ਵਿਅਕਤੀਆਂ ਨੂੰ ਸ਼ਨਾਖ਼ਤ ਕਰਨ  ਲਈ   ਫੜਨ ਦੇ ਮੱਦੇਨਜ਼ਰ  ਸ਼ੁੱਕਰਵਾਰ ਨੂੰ ਵਿਸ਼ੇਸ਼ ਅਭਿਆਨ “ਆਪ੍ਰੇਸ਼ਨ ਈਗਲ’’ ਚਲਾਇਆ।  ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ।

ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਤੋਂ ਇਲਾਵਾ ਸ਼ੱਕੀ ਵਾਹਨਾਂ ਦੀ ਗੰਭੀਰਤਾ ਨਾਲ ਤਲਾਸ਼ੀ ਲੈਣ ਲਈ ਸੂਬੇ ਦੇ ਡਿਪਟੀ ਸੁਪਰਡੈਂਟਸ ਆਫ ਪੁਲਿਸ (ਡੀ.ਐੱਸ.ਪੀ.) ਦੀ ਨਿਗਰਾਨੀ ਵਿੱਚ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ 500 ਤੋਂ ਵੱਧ ਨਾਕੇ ਲਗਾਏ ਗਏ ਹਨ ਤਾਂ ਜੋ ਸੁਚੱਜੇ ਢੰਗ ਨਾਲ ਆਪਸੀ ਤਾਲਮੇਲ ਕਰਕੇ ਸ਼ੱਕੀ ਵਿਅਕਤੀ/ਵਾਹਨਾਂ, ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਆਮ ਜਨਤਾ ਨੂੰ ਕੋਈ ਅਸੁਵਿਧਾ ਨਾ ਹੋਵੇ।

ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਬੜੇ ਸੁਚੱਜੇ ਤਰੀਕੇ ਨਾਲ ਚਲਾਇਆ ਗਿਆ  ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸਾਰੇ ਸੀਪੀਜ/ਐਸਐਸਪੀਜ ਨੂੰ ਗਜਟਿਡ ਅਫਸਰਾਂ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜੁਟਾਉਣ ਲਈ ਕਿਹਾ ਗਿਆ ਸੀ।

ਐਸ.ਏ.ਐਸ.ਨਗਰ ਵਿੱਚ ਆਪਰੇਸ਼ਨ ਦੀ ਖੁਦ ਨਿਗਰਾਨੀ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹਰੇਕ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਤਲਾਸ਼ੀ ਲਈ  ਐਸ.ਪੀ. ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ, ਜਦੋਂ ਕਿ ਡੀਐਸਪੀ ਪੱਧਰ ਦੇ ਅਧਿਕਾਰੀ ਸਾਰੇ ਨਾਕਿਆਂ ‘ਤੇ ਤਾਇਨਾਤ ਸਨ। ਉਨਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਦੀ ਤਲਾਸ਼ੀ ਲੈਣ  ਅਤੇ ਉਨਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਉਨਾਂ ਨਾਲ ਨਿਮਰਤਾ ਅਤੇ ਹਲੀਮੀ ਨਾਲ ਪੇਸ਼ ਆਉਣ।

ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਹੋਣ ਤੱਕ ਅਜਿਹੇ ਆਪ੍ਰੇਸ਼ਨ ਨਿਰੰਤਰ ਜਾਰੀ ਰਹਿਣਗੇ। ਉਨਾਂ ਕਿਹਾ ਕਿ ਇਸ ਤਰਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ ,ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਕਰਨਾ ਸ਼ਾਮਲ  ਹੁੰਦਾ ਹੈ। ਇਸ ਦੌਰਾਨ ਅਜਿਹੇ ਆਪ੍ਰੇਸਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਵਿਸਵਾਸ ਵਧਾਉਣ ਵਿੱਚ ਵੀ ਸਹਾਈ ਹੋਣਗੇ।