Moga Accident News: ਵਿਆਹ ਤੋਂ ਵਾਪਸ ਆ ਰਹੇ ਪ੍ਰਵਾਰ ਦੀ ਟਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਇਕ ਔਰਤ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Moga Accident News: 5 ਲੋਕ ਜ਼ਖ਼ਮੀ

Moga Accident News in punjabi

ਮੋਗਾ: ਮੋਗਾ-ਅੰਮ੍ਰਿਤਸਰ ਮੁੱਖ ਮਾਰਗ 'ਤੇ ਰਾਤ ਸਮੇਂ ਵਾਪਰੇ ਇਕ ਸੜਕ ਹਾਦਸੇ ਵਿਚ ਕਾਰ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ 3 ਬੱਚਿਆਂ ਸਮੇਤ 5 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਸਾਰੇ ਜ਼ਖ਼ਮੀਆਂ ਨੂੰ ਕੋਟ ਈਸੇ ਖਾਂ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਕਰੀਬ 8 ਵਜੇ ਨੇੜਲੇ ਪਿੰਡ ਬੋਗੇਵਾਲਾ ਦਾ ਰਹਿਣ ਵਾਲਾ ਇੱਕ ਪਰਿਵਾਰ ਆਪਣੀ ਕਾਰ ਨੰਬਰ ਪੀਬੀ 08ਸੀਸੀ 5278 ਵਿਚ ਮੱਖੂ 'ਚ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਪਿੰਡ ਆ ਰਿਹਾ ਸੀ।

ਜਦੋਂ ਉਨ੍ਹਾਂ ਦੀ ਕਾਰ ਪਿੰਡ ਬਘੇਲੇਵਾਲਾ ਨੇੜੇ ਪੁਲਿਸ ਚੌਕੀ ਕੋਲ ਪੁੱਜੀ ਤਾਂ ਲਾਈਟਾਂ ਚਮਕਣ ਕਾਰਨ ਅੱਗੇ ਜਾ ਰਹੀ ਲੱਕੜ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਆਸ-ਪਾਸ ਦੇ ਘਰਾਂ ਦੇ ਲੋਕਾਂ ਵੱਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਜ਼ਖ਼ਮੀਆਂ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ। ਕਾਰ 'ਚ ਸਵਾਰ ਸਿਮਰਨਜੀਤ ਕੌਰ (32) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਮਨਪ੍ਰੀਤ ਸਿੰਘ, ਉਸ ਦੀ ਬਜ਼ੁਰਗ ਮਾਂ ਅਤੇ ਤਿੰਨ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਬਘੇਲੇਵਾਲਾ ਥਾਣਾ ਇੰਚਾਰਜ ਅਨਵਰ ਮਸੀਹ ਨੇ ਦੱਸਿਆ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।