BJP ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਕਾਰਟੂਨ ਰੂਪ 'ਚ ਦਰਸਾਉਣਾ ਨਿੰਦਣਯੋਗ ਤੇ ਸ਼ਰਮਨਾਕ ਹੈ : ਸਪੀਕਰ ਸੰਧਵਾਂ
ਕਿਹਾ, ‘ਮਹਾਨ ਸ਼ਖਸੀਅਤਾਂ ਨੂੰ ਕਿਸੇ ਵੀ ਤਰ੍ਹਾਂ ਦੇ ਕਾਰਟੂਨ, ਪ੍ਰਤੀਕਾਤਮਕ ਜਾਂ ਅਸੱਤਿਕਾਰਪੂਰਨ ਰੂਪ ਵਿੱਚ ਪੇਸ਼ ਕਰਨਾ ਕਤਈ ਅਸਵੀਕਾਰਯੋਗ ਹੈ'
ਫਰੀਦਕੋਟ: ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਲਈ ‘ਵੀਰ ਬਾਲ ਦਿਵਸ’ ਦੇ ਸਿਰਲੇਖ ਵਿੱਚ ਤਬਦੀਲੀ ਕਰਨ ਸਬੰਧੀ ਬੀਜੇਪੀ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਅਰਥਪੂਰਨ ਫੈਸਲਾ ਨਹੀਂ ਲਿਆ ਗਿਆ। ਇਸ ਦੇ ਬਾਵਜੂਦ ਅੱਜ ਬੀਜੇਪੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਕਾਰਟੂਨ ਰੂਪ ਵਿੱਚ ਤਸਵੀਰ ਪੋਸਟ ਕੀਤੀ ਗਈ, ਜੋ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖ ਗੁਰੂਆਂ, ਸਾਹਿਬਜ਼ਾਦਿਆਂ ਅਤੇ ਸਿੱਖ ਸ਼ਹੀਦਾਂ ਦਾ ਸਤਿਕਾਰ ਸਿੱਖ ਧਰਮ ਦੀ ਮਰਯਾਦਾ, ਰਿਵਾਇਤਾਂ ਅਤੇ ਇਤਿਹਾਸ ਨਾਲ ਅਟੁੱਟ ਤੌਰ ‘ਤੇ ਜੁੜਿਆ ਹੋਇਆ ਹੈ। ਇਨ੍ਹਾਂ ਮਹਾਨ ਸ਼ਖਸੀਅਤਾਂ ਨੂੰ ਕਿਸੇ ਵੀ ਤਰ੍ਹਾਂ ਦੇ ਕਾਰਟੂਨ, ਪ੍ਰਤੀਕਾਤਮਕ ਜਾਂ ਅਸੱਤਿਕਾਰਪੂਰਨ ਰੂਪ ਵਿੱਚ ਪੇਸ਼ ਕਰਨਾ ਕਤਈ ਅਸਵੀਕਾਰਯੋਗ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਗੁਰੂਆਂ ਅਤੇ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਕੀਤੇ ਜਾ ਰਹੇ ਉਪਰਾਲੇ ਤਦ ਹੀ ਅਰਥਪੂਰਨ ਸਾਬਤ ਹੋ ਸਕਦੇ ਹਨ, ਜਦੋਂ ਧਾਰਮਿਕ ਮਸਲਿਆਂ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਬੁੱਧੀਜੀਵੀਆਂ, ਇਤਿਹਾਸਕਾਰਾਂ ਅਤੇ ਪ੍ਰਮੁੱਖ ਧਾਰਮਿਕ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖ ਕੌਮ ਆਪਣੀ ਧਾਰਮਿਕ ਪਛਾਣ, ਇਤਿਹਾਸ ਅਤੇ ਸ਼ਹਾਦਤਾਂ ਪ੍ਰਤੀ ਬਹੁਤ ਸੰਵੇਦਨਸ਼ੀਲ ਹੈ ਅਤੇ ਇਹ ਬਹੁਤ ਜ਼ਰੂਰੀ ਹੈ ਕਿ ਇਸ ਸੰਵੇਦਨਸ਼ੀਲਤਾ ਦਾ ਪੂਰੀ ਤਰ੍ਹਾਂ ਸਤਿਕਾਰ ਕੀਤਾ ਜਾਵੇ।