ਕਾਂਗਰਸ ਦੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਕੋਟਲੀ ਨੇ ਤਿੰਨ ਸਾਲਾਂ ਦੌਰਾਨ ਲਿਆ ਸਭ ਤੋਂ ਜ਼ਿਆਦਾ ਭੱਤਾ
ਰਾਣਾ ਗੁਰਜੀਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਨਹੀਂ ਲਿਆ ਕੋਈ ਭੱਤਾ
ਚੰਡੀਗੜ੍ਹ : ਪੰਜਾਬ ਦੇ ਮੌਜੂਦਾ ਵਿਧਾਇਕਾਂ ਵੱਲੋਂ ਤਿੰਨਾਂ ਸਾਲਾਂ ਦੌਰਾਨ ਲਏ ਗਏ ਭੱਤਿਆਂ ਸਬੰਧੀ ਅੰਕੜੇ ਜਾਰੀ ਕੀਤੇ ਗਏ ਹਨ। ਜਾਰੀ ਅੰਕੜਿਆਂ ਅਨੁਸਾਰ ਕਾਂਗਰਸ ਪਾਰਟੀ ਦੇ ਜਲੰਧਰ ਦੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਕੋਟਲੀ ਭੱਤੇ ਲੈਣ ਵਿਚ ਸਭ ਤੋਂ ਮੋਹਰੀ ਹਨ। ਵਿਧਾਇਕ ਜਦੋਂ ਸਰਕਾਰੀ ਮੀਟਿੰਗਾਂ ਜਾਂ ਸਮਾਗਮਾਂ ’ਚ ਸ਼ਾਮਲ ਹੁੰਦੇ ਹਨ ਤਾਂ ਉਹ ਆਪਣੇ ਪ੍ਰਾਈਵੇਟ ਵਾਹਨਾਂ ਦੀ ਵਰਤੋਂ ਕਰਦੇ ਹਨ, ਜਿਸ ਬਦਲੇ ਉਨ੍ਹਾਂ ਨੂੰ ਰਹਿਣ-ਸਹਿਣ ਅਤੇ ਤੇਲ ਦਾ ਖਰਚਾ ਮਿਲਦਾ ਹੈ। ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਜੋ ਸਰਕਾਰੀ ਗੱਡੀਆਂ ਅਲਾਟ ਕੀਤੀਆਂ ਹਨ, ਵਿਧਾਇਕ ਉਨ੍ਹਾਂ ਨੂੰ ਸਕਿਓਰਟੀ ਵਜੋਂ ਵਰਤਦੇ ਹਨ ਅਤੇ ਵਿਧਾਇਕ ਪ੍ਰਾਈਵੇਟ ਗੱਡੀ ’ਚ ਸਫ਼ਰ ਕਰਦੇ ਹਨ ਅਤੇ ਸਰਕਾਰੀ ਗੱਡੀ ਬਤੌਰ ਸਕਿਓਰਟੀ ਨਾਲ ਚੱਲਦੀ ਹੈ। ਸਰਕਾਰੀ ਗੱਡੀ ਦਾ ਖਰਚਾ ਵੱਖਰੇ ਤੌਰ ’ਤੇ ਟਰਾਂਸਪੋਰਟ ਵਿਭਾਗ ਚੁੱਕਦਾ ਹੈ।
ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਦੇ ਵਿਧਾਇਕਾਂ ’ਚੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਭੱਤੇ ਲੈਣ ’ਚ ਸਭ ਤੋਂ ਅੱਗੇ ਹਨ, ਜਿਨ੍ਹਾਂ ਨੇ ਲੰਘੇ ਤਿੰਨ ਵਰ੍ਹਿਆਂ (2022-23 ਤੋਂ 2024-25) ਦੌਰਾਨ 15.17 ਲੱਖ ਰੁਪਏ ਇਕੱਲੇ ਟੀ ਏ/ਡੀ ਏ ਵਜੋਂ ਪ੍ਰਾਪਤ ਕੀਤੇ ਹਨ। ਦੂਜਾ ਨੰਬਰ ਹਲਕਾ ਭੁੱਚੋ ਮੰਡੀ ਦੇ ‘ਆਪ’ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਹੈ, ਜਿਨ੍ਹਾਂ ਨੇ ਤਿੰਨ ਸਾਲਾਂ ’ਚ 12.30 ਲੱਖ ਰੁਪਏ ਭੱਤੇ ਵਜੋਂ ਲਏ। ਸਾਰੇ ਵਿਧਾਇਕ ਵਿਧਾਨ ਸਭਾ ਦੀਆਂ ਅਲੱਗ-ਅਲੱਗ ਕਮੇਟੀਆਂ ਦੇ ਮੈਂਬਰ ਆਦਿ ਹਨ ਤੇ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ’ਚ ਵਿਧਾਇਕ ਹਿੱਸਾ ਲੈਂਦੇ ਹਨ। ਨਿਯਮਾਂ ਅਨੁਸਾਰ ਵਿਧਾਇਕ ਨੂੰ ਪ੍ਰਾਈਵੇਟ ਵਾਹਨ ਦੀ ਵਰਤੋਂ ਕਰਨ ’ਤੇ ਪ੍ਰਤੀ ਕਿਲੋਮੀਟਰ 15 ਰੁਪਏ ਅਤੇ ਰੋਜ਼ਾਨਾ ਭੱਤੇ ਵਜੋਂ 1500 ਰੁਪਏ ਮਿਲਦੇ ਹਨ। ਜੇ ਵਿਧਾਇਕ ਚੰਡੀਗੜ੍ਹ ਮੀਟਿੰਗ ’ਚ ਸ਼ਾਮਲ ਹੁੰਦਾ ਹੈ ਤਾਂ ਉਹ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਅਤੇ ਇੱਕ ਦਿਨ ਬਾਅਦ ਦਾ ਡੀ ਏ ਲੈਣ ਦਾ ਹੱਕਦਾਰ ਹੈ।
ਹਲਕਾ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਤਿੰਨ ਸਾਲਾਂ ’ਚ 10.64 ਲੱਖ ਰੁਪਏ, ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੇ 10.28 ਲੱਖ ਰੁਪਏ, ਕਾਂਗਰਸ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ 10.08 ਲੱਖ ਰੁਪਏ ਤੇ ਬਸਪਾ ਵਿਧਾਇਕ ਨਛੱਤਰ ਪਾਲ ਨੇ 7.80 ਲੱਖ ਰੁਪਏ ਭੱਤਿਆਂ ਵਜੋਂ ਵਸੂਲ ਕੀਤੇ ਹਨ।
ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਪੁੱਤਰ ਰਾਣਾ ਇੰਦਰ ਸਿੰਘ ਨੇ ਤਿੰਨ ਵਰ੍ਹਿਆਂ ’ਚ ਕੋਈ ਟੀ ਏ/ਡੀ ਏ ਨਹੀਂ ਲਿਆ।
ਸਭ ਤੋਂ ਘੱਟ ਭੱਤੇ ਲੈਣ ਵਾਲੇ ਵਿਧਾਇਕਾਂ ’ਚ ਭਾਰਤੀ ਜਨਤਾ ਪਾਰਟੀ ਦੇ ਅਸ਼ਵਨੀ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਦੇ ਗੁਰਲਾਲ ਘਨੌਰ, ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਦਾ ਨਾਂ ਸ਼ਾਮਲ ਹੈ।