ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਭਲਕੇ
ਚੰਡੀਗੜ੍ਹ CBI ਅਦਾਲਤ 'ਚ ਹੋਵੇਗੀ ਸੁਣਵਾਈ
ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਭੁੱਲਰ ਵੱਲੋਂ ਚੰਡੀਗੜ੍ਹ ਦੀ CBI ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਤੇ ਬੁੱਧਵਾਰ ਯਾਨੀ ਭਲਕੇ ਅਦਾਲਤ ਵੱਲੋਂ ਸੁਣਵਾਈ ਕੀਤੀ ਜਾਵੇਗੀ।
ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ
ਇਸ ਤੋਂ ਪਹਿਲਾਂ DIG ਭੁੱਲਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਪਰ ਉੱਥੋਂ ਵੀ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ। ਸੁਪਰੀਮ ਕੋਰਟ ਨੇ ਭੁੱਲਰ ਦੀ ਅੰਤਰਿਮ ਰਾਹਤ ਵਾਲੀ ਮੰਗ 'ਤੇ ਵਿਚਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਦੇ ਸਖ਼ਤ ਰਵੱਈਏ ਨੂੰ ਦੇਖਦੇ ਹੋਏ ਭੁੱਲਰ ਦੇ ਵਕੀਲ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ।
CBI ਦੀ ਦਲੀਲ: ਸੁਣਵਾਈ ਦੌਰਾਨ CBI ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਭੁੱਲਰ ਦੀ ਨਿਯਮਤ ਜ਼ਮਾਨਤ ਪਹਿਲਾਂ ਹੀ ਖਾਰਜ ਹੋ ਚੁੱਕੀ ਹੈ।
ਹਾਈ ਕੋਰਟ ਦਾ ਫੈਸਲਾ: ਭੁੱਲਰ ਦੇ ਵਕੀਲ ਵਿਕਰਮ ਚੌਧਰੀ ਨੇ ਹਾਈ ਕੋਰਟ ਦੇ ਉਸ ਫੈਸਲੇ ਦਾ ਵਿਰੋਧ ਕੀਤਾ, ਜਿਸ ਵਿੱਚ ਅਦਾਲਤ ਨੇ ਇਹ ਕਹਿ ਕੇ ਅੰਤਰਿਮ ਰਾਹਤ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ ਕਿ ਇਹ ਰਾਹਤ 'ਅੰਤਿਮ ਫੈਸਲੇ' ਦੇ ਬਰਾਬਰ ਹੋਵੇਗੀ।
ਅਦਾਲਤ ਵਿੱਚ ਪੱਛਮੀ ਬੰਗਾਲ ਨਾਲ ਜੁੜੇ ਉਸ ਮਾਮਲੇ ਦਾ ਵੀ ਹਵਾਲਾ ਦਿੱਤਾ ਗਿਆ, ਜਿੱਥੇ ਸੂਬਾ ਸਰਕਾਰ ਵੱਲੋਂ CBI ਜਾਂਚ ਲਈ ਸਹਿਮਤੀ ਵਾਪਸ ਲੈਣ ਦਾ ਮੁੱਦਾ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਪੈਂਡਿੰਗ ਹੈ। ਹੁਣ ਸਾਰੀਆਂ ਨਜ਼ਰਾਂ ਭਲਕੇ ਬੁੱਧਵਾਰ ਨੂੰ ਹੋਣ ਵਾਲੀ ਚੰਡੀਗੜ੍ਹ CBI ਅਦਾਲਤ ਦੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ ਕਿ ਕੀ DIG ਭੁੱਲਰ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲੇਗਾ ਜਾਂ ਫਿਰ ਅਦਾਲਤੀ ਹਿਰਾਸਤ ਹੋਰ ਵਧੇਗੀ।