ਬਹੁ ਕਰੋੜੀ ਡਰੱਗ ਮਾਮਲਾ: ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਏਜੰਸੀ

ਖ਼ਬਰਾਂ, ਪੰਜਾਬ

ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਅਧਾਰ 'ਤੇ NDPS ਐਕਟ ਤਹਿਤ ਹੋਇਆ ਸੀ ਮਾਮਲਾ ਦਰਜ

Punjab and Haryana High Court

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਿਕਰਮ ਮਜੀਠੀਆ ਅਤੇ ਪੰਜਾਬ ਸਰਕਾਰ ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਐਨਡੀਪੀਐਸ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਹਾਈਕੋਰਟ ਸਪੱਸ਼ਟ ਕਰੇਗਾ ਕਿ ਮਜੀਠੀਆ ਨੂੰ ਰਾਹਤ ਮਿਲੇਗੀ ਜਾਂ ਨਹੀਂ। ਦੱਸ ਦੇਈਏ ਕਿ ਬਿਕਰਮ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।

ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਹੇਠਲੀ ਅਦਾਲਤ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ 'ਤੇ 10 ਜਨਵਰੀ ਨੂੰ ਹਾਈ ਕੋਰਟ ਨੇ ਉਸ ਨੂੰ ਫਿਲਹਾਲ 24 ਜਨਵਰੀ ਤੱਕ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।