ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਏਜੰਸੀ

ਖ਼ਬਰਾਂ, ਪੰਜਾਬ

ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Kanwardeep Singh took over as the Chairman of the State Child Rights Protection Commission

ਚੰਡੀਗੜ੍ਹ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਕੰਵਰਦੀਪ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ। ਕੰਵਰਦੀਪ ਸਿੰਘ ਬੱਚਿਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੰਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਕੰਵਰਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਦੇ ਕੰਵਰਦੀਪ ਸਿੰਘ ਇੱਕ ਉਦਯੋਗਪਤੀ ਅਤੇ ਇੱਕ ਸਮਾਜ ਸੇਵਕ ਹੈ। ਇਸ ਮੌਕੇ  ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਮੈਂਬਰ  ਮਿਸ ਸਿਮਰਨਜੀਤ ਕੌਰ ਅਤੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਹਾਜ਼ਰ ਸੀ।