Chandigarh Mayor Election : ‘ਆਪ’ ਆਗੂ ਰਾਘਵ ਚੱਢਾ ਨੇ ਹਾਈ ਕੋਰਟ ਦੇ ਫੈਸਲੇ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿਤਾ

ਏਜੰਸੀ

ਖ਼ਬਰਾਂ, ਪੰਜਾਬ

ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦਾ ਹੁਕਮ ਰੱਦ ਕੀਤਾ, ਮੇਅਰ ਦੀ ਚੋਣ 30 ਜਨਵਰੀ ਨੂੰ 

Raghav Chadha

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੇਅਰ ਦੀ ਚੋਣ ਮੁਲਤਵੀ ਕਰਨ ਦੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮ ਨੂੰ ਰੱਦ ਕਰ ਦਿਤਾ ਹੈ ਅਤੇ ਕਿਹਾ ਹੈ ਕਿ ਚੋਣਾਂ 30 ਜਨਵਰੀ ਨੂੰ ਕਰਵਾਈਆਂ ਜਾਣਗੀਆਂ। ਹਾਈ ਕੋਰਟ ਦੇ ਫੈਸਲੇ ’ਤੇ ‘ਆਪ’ ਆਗੂ ਰਾਘਵ ਚੱਢਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਭਾਜਪਾ ਨੇ ਅਪਣੀ ਹਾਰ ਦਾ ਅਹਿਸਾਸ ਕਰਦਿਆਂ ਚੰਡੀਗੜ੍ਹ ਮੇਅਰ ਚੋਣਾਂ ਮੁਲਤਵੀ ਕਰ ਦਿਤੀਆਂ ਸਨ।’

ਹਾਈ ਕੋਰਟ ਦਾ ਇਹ ਹੁਕਮ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦੇ ਮੇਅਰ ਦੀ ਚੋਣ 18 ਜਨਵਰੀ ਤੋਂ 6 ਫਰਵਰੀ ਤਕ ਮੁਲਤਵੀ ਕਰਨ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ’ਤੇ ਆਇਆ ਹੈ। ਡਿਪਟੀ ਕਮਿਸ਼ਨਰ ਮੇਅਰ ਦੀ ਚੋਣ ਕਰਵਾਉਣ ਲਈ ਜ਼ਿੰਮੇਵਾਰ ਅਥਾਰਟੀ ਹੈ। ਪਟੀਸ਼ਨਕਰਤਾ ਦੇ ਵਕੀਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਜਦੋਂ ਇਹ ਮਾਮਲਾ ਸੁਣਵਾਈ ਲਈ ਆਇਆ ਤਾਂ ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਹਰਸ਼ ਬੰਗੜ ਨੇ ਪ੍ਰਸ਼ਾਸਨ ਦੇ ਹੁਕਮ ਨੂੰ ਰੱਦ ਕਰ ਦਿਤਾ। 

ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਸਵੇਰੇ 10 ਵਜੇ ਹੋਵੇਗੀ। ਅਦਾਲਤ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਕੁਲਦੀਪ ਕੁਮਾਰ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਮੇਅਰ ਦੀ ਚੋਣ ਪਹਿਲਾਂ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਦੇ ਬਿਮਾਰ ਹੋਣ ਕਾਰਨ ਇਸ ਨੂੰ 6 ਫਰਵਰੀ ਤਕ ਮੁਲਤਵੀ ਕਰ ਦਿਤਾ ਗਿਆ ਸੀ।

ਕਾਂਗਰਸ ਅਤੇ ‘ਆਪ’ ਦੇ ਕੌਂਸਲਰਾਂ ਨੇ ਵੀ ਇਸ ਬਾਰੇ ਪ੍ਰਦਰਸ਼ਨ ਕੀਤਾ ਸੀ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਮੇਅਰ ਚੋਣਾਂ ਲਈ ਗੱਠਜੋੜ ਕੀਤਾ ਹੈ ਅਤੇ ਹਾਰ ਦੇ ਡਰ ਕਾਰਨ ਚੋਣਾਂ ਨਾ ਕਰਵਾਉਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਆਲੋਚਨਾ ਕੀਤੀ ਹੈ। ‘ਆਪ’ ਆਗੂ ਰਾਘਵ ਚੱਢਾ ਨੇ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ, ‘‘ਅਸੀਂ ਚੋਣਾਂ ਦੀ ਜਲਦੀ ਤਰੀਕ ਤੈਅ ਕਰਨ ਲਈ ਮਾਣਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਅੱਜ ਅਦਾਲਤ ਨੇ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਅਤੇ 30 ਜਨਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿਤੇ। ਇਹ ਲੋਕਤੰਤਰ ਅਤੇ ਚੰਡੀਗੜ੍ਹ ਦੇ ਲੋਕਾਂ ਦੀ ਜਿੱਤ ਹੈ ਅਤੇ ਭਾਜਪਾ ਦੇ ਨਾਪਾਕ ਇਰਾਦਿਆਂ ਦੀ ਹਾਰ। ਉਮੀਦ ਹੈ ਕਿ ਬਿਮਾਰ ਚੋਣ ਅਧਿਕਾਰੀ ਹੁਣ ਬਿਹਤਰ ਮਹਿਸੂਸ ਕਰ ਰਹੇ ਹੋਣਗੇ ਅਤੇ ਜਲਦੀ ਹੀ ਕੰਮ 'ਤੇ ਵਾਪਸ ਆ ਜਾਣਗੇ।’’