ਪੰਜਾਬ ਦੇ ਪਾਣੀਆਂ ਨੂੰ ਪਾਕਿ ਜਾਣੋਂ ਰੋਕ ਕੇ ਕੇਂਦਰ ਰਚ ਰਹੀ ਵੱਡੀ ਸਾਜ਼ਿਸ਼!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਪਾਣੀ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਡਾਇਵਰਟ...

Satluj River

ਚੰਡੀਗੜ੍ਹ : ਪੰਜਾਬ ਦੇ ਪਾਣੀ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਡਾਇਵਰਟ ਕਰਕੇ ਯਮੁਨਾ ਨਦੀ ਵਿਚ ਮੋੜਨ ਦੀ ਕੇਂਦਰ ਸਰਕਾਰ ਦੀ ਇਹ ਯੋਜਨਾ ਪੰਜਾਬ ਦੇ ਲਈ ਬੇਹੱਦ ਖ਼ਤਰਨਾਕ ਸਾਬਿਤ ਹੋਵੇਗੀ, ਇਹ ਪੰਜਾਬ ਨਾਲ ਧੱਕਾ ਹੋਵੇਗਾ। ਇਹ ਦਾਅਵਾ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਪਹਿਲਾਂ ਵੀ ਗ਼ਲਤ ਸਮਝੌਤੇ ਕੀਤੇ ਜਾ ਚੁੱਕੇ ਹਨ ਅਤੇ ਹੁਣ ਫਿਰ ਪੰਜਾਬ ਦੇ ਪਾਣੀ ਨੂੰ ਖੋਹਣ ਲਈ ਕੇਂਦਰ ਵਲੋਂ ਬਹੁਤ ਵੱਡੇ ਪੱਧਰ ਉਤੇ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਦਾ ਬਿਆਨ ਪੰਜਾਬ ਦੇ ਹਿੱਤਾ ਦੇ ਵਿਰੁਧ ਹੈ। ਪੰਜਾਬ ਦੇ ਪਾਣੀ ਨੂੰ ਪਹਿਲਾਂ ਹੀ ਕਈ ਹਿੱਸਿਆਂ ਵਿਚ ਵੰਡਿਆ ਜਾ ਚੁੱਕਿਆ ਹੈ।

ਹਰਿਆਣਾ ਨੂੰ ਪੰਜਾਬ ਦਾ ਪਾਣੀ ਸਪਲਾਈ ਕਰਨ ਲਈ ਐਸਵਾਈਐਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ। ਹੁਣ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਦੇ ਬਹਾਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕੇਂਦਰ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਗਡਕਰੀ ਦੇ ਇਸ ਬਿਆਨ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਬਾਦਲ ਨੇ ਕੁੱਝ ਵੀ ਨਹੀਂ ਕਿਹਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਗਲਤ ਸਮਝੌਤਿਆਂ ਕਾਰਨ ਪੰਜਾਬ ਦੇ ਦਰਿਆਵਾਂ ਵਿਚੋਂ ਪਹਿਲਾਂ ਹੀ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਪਾਣੀਆਂ ਦਾ ਹਿੱਸਾ ਦਿਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੇ ਇਸ ਕਦਮ ਨਾਲ ਪੰਜਾਬ ਦੀ ਅਰਥਵਿਵਸਥਾ ਨੂੰ ਕਾਫ਼ੀ ਵੱਡਾ ਧੱਕਾ ਲੱਗੇਗਾ। ਅਜਿਹਾ ਕਦਮ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਹੋਵੇਗਾ ਕਿਉਂਕਿ ਪੰਜਾਬ ਦੇ ਕੋਲ ਸਿਰਫ਼ ਪਾਣੀ ਦਾ ਹੀ ਕੁਦਰਤੀ ਸਰੋਤ ਹੈ।