ਅੱਜ ਬਾਦਲਾਂ ਖਿਲਾਫ ਦਾਇਰ ਕੀਤਾ ਚਲਾਨ ਇਨਸਾਫ ਦੀ ਇਸ ਲੜਾਈ ਵਿੱਚ ਇੱਕ ਇਤਿਹਾਸਕ ਕਦਮ: ਅਮਨ ਅਰੋੜਾ

ਏਜੰਸੀ

ਖ਼ਬਰਾਂ, ਪੰਜਾਬ

...ਜਿਹੜਾ ਕੰਮ ਕਰਨ ਦੀ ਕਿਸੇ ਨੇ ਹਿੰਮਤ ਨਹੀਂ ਦਿਖਾਈ, ਉਹ ਕੰਮ ਭਗਵੰਤ ਮਾਨ ਸਰਕਾਰ ਨੇ ਕਰ ਦਿੱਤਾ: 'ਆਪ

Aman Arora

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੇਸ਼ ਕੀਤੇ ਚਲਾਨ ਸੰਬੰਧੀ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਸਾਫ਼ ਨੀਅਤ ਨੂੰ ਹੀ ਭਾਗ ਲੱਗਦੇ ਹਨ ਅਤੇ ਸਾਫ਼ ਨੀਅਤ ਤੇ ਇਮਾਨਦਾਰੀ ਨਾਲ ਕੀਤਾ ਹਰ ਕੰਮ ਸਿਰੇ ਚੜ੍ਹਦਾ ਹੈ।ਕੋਟਕਪੂਰਾ ਗੋਲੀ ਕਾਂਡ 'ਚ ਭਗਵੰਤ ਮਾਨ ਸਰਕਾਰ ਨੇ ਬਾਦਲਾਂ ਖਿਲਾਫ ਚਲਾਨ ਪੇਸ਼ ਕਰਕੇ ਸਪੱਸ਼ਟ ਕੀਤਾ ਹੈ ਕਿ ਧਰਮ ਦਾ ਅਪਮਾਨ ਕਰਨ ਵਾਲੇ, ਬੇਅਦਬੀ ਕਰਨ ਵਾਲੇ, ਪੰਜਾਬ ਖਿਲਾਫ ਸਾਜ਼ਿਸ਼ ਰਚਣ ਵਾਲੇ ਅਤੇ ਪੰਜਾਬ ਨੂੰ ਧਰਮ ਦੇ ਆਧਾਰ 'ਤੇ ਵੰਡਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। 

'ਆਪ' ਅਨੁਸਾਰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਨੀਅਤ ਵਿਚਲੀ ਖੋਟ ਕਾਰਨ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਵਿੱਚ ਇਨਸਾਫ਼ ਵਿੱਚ ਐਨੀ ਦੇਰੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, "ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ   ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ।" 

ਜ਼ਿਕਰਯੋਗ ਹੈ ਕਿ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਇਹ ਚਲਾਨ ਪੇਸ਼ ਕੀਤਾ ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਸਿਟ ਦੇ ਚਲਾਨ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮਾਮਲਿਆਂ ਵਿੱਚ ਵਾਪਰੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਿੱਚ ਮਦਦ ਕੀਤੀ। 7000 ਪੰਨਿਆਂ ਦੀ ਦਾਇਰ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਈਪੀਸੀ ਦੀਆਂ ਧਾਰਾਵਾਂ 323,324,504 ਤਹਿਤ ਚਲਾਨ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਇਸੇ ਸੰਬੰਧ ਵਿੱਚ ਸ਼ੁੱਕਰਵਾਰ ਨੂੰ, ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਨਾਲ, ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹਰ ਪੰਜਾਬੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਅਕਤੂਬਰ 2015 ਵਿੱਚ ਹੋਈਆਂ ਬੇਅਦਬੀਆਂ ਅਤੇ ਉਸਤੋਂ ਬਾਅਦ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਦੋ ਨੌਜਵਾਨਾਂ ਲਈ ਇਨਸਾਫ ਦੀ ਅਰਦਾਸ ਅਤੇ ਪਿਛਲੇ ਲਗਭਗ ਸਾਢੇ ਸੱਤ ਸਾਲਾਂ ਤੋਂ ਇਸ ਇਨਸਾਫ਼ ਲਈ ਜੱਦੋਜਹਿਦ ਕਰ ਰਿਹਾ ਸੀ। ਇਜ ਦੌਰਾਨ ਕਈ ਸਿਟ, ਜੁਡੀਸ਼ਲ ਕਮਿਸ਼ਨ ਬਣੇ, ਜਾਂਚਾਂ ਹੋਈਆਂ ਅਤੇ ਐੱਫਆਈਆਰ ਦਰਜ ਕੀਤੀਆਂ ਗਈਆਂ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਰਿਹਾ।

ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ, ਭਾਵੇਂ ਅਕਾਲੀ-ਭਾਜਪਾ ਸਰਕਾਰ ਸੀ ਜਿਨ੍ਹਾਂ ਦੇ ਰਾਜ ਵਿੱਚ ਇਹ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਅਤੇ ਭਾਵੇਂ ਕਾਂਗਰਸ ਜਿਹੜੀ ਦਿਨਾਂ ਵਿਚ ਇਨਸਾਫ਼ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਦੋਵਾਂ ਪਾਰਟੀਆਂ ਨੇ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਉਨ੍ਹਾਂ ਦਾ ਮਕਸਦ ਸਿਰਫ਼ ਵੋਟਾਂ ਲੈਣ, ਸਰਕਾਰ ਬਣਾਉਣ ਅਤੇ ਪੰਜਾਬ ਨੂੰ ਲੁੱਟਣ ਤੱਕ ਸੀਮਤ ਸੀ। ਪਰ, ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਿਰਫ਼ 11 ਮਹੀਨਿਆਂ ਦੇ ਵਿੱਚ ਹੀ ਇਸ ਮਾਮਲੇ ਨੂੰ ਇੱਕ ਤਰਕਸ਼ੀਲ ਸਿੱਟੇ 'ਤੇ ਲਿਆਂਦਾ ਹੈ।

ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਧਰਮ ਦੀ ਪਾਰਟੀ ਹੁੰਦੀ ਸੀ, ਉਸ ਪਾਰਟੀ ਨੇ ਆਪ ਹੀ ਧਰਮ ਵਿਰੁੱਧ ਇੰਨਾ ਵੱਡਾ ਅਪਰਾਧ ਕੀਤਾ। ਭਗਵੰਤ ਮਾਨ ਦੀ ਸਰਕਾਰ ਪੰਜਾਬ ਅਤੇ ਪੰਜਾਬੀਆਂ ਨੂੰ ਇਨਸਾਫ਼ ਦਿਵਾਏਗੀ। ਅੱਜ ਤੱਕ ਸਾਰੀਆਂ ਪਾਰਟੀਆਂ ਨੇ ਬੇਅਦਬੀ ਦੇ ਮੁੱਦੇ 'ਤੇ ਰਾਜਨੀਤੀ ਕੀਤੀ ਅਤੇ ਵੋਟਾਂ ਇਕੱਠੀਆਂ ਕੀਤੀਆਂ। ਅੱਜ ਬਾਦਲਾਂ ਖਿਲਾਫ ਦਾਇਰ ਕੀਤਾ ਚਲਾਨ ਇਨਸਾਫ ਦੀ ਇਸ ਲੜਾਈ ਵਿੱਚ ਇੱਕ ਇਤਿਹਾਸਕ ਕਦਮ ਹੈ।

ਅਮਨ ਅਰੋੜਾ ਨੇ ਕਿਹਾ ਕਿ ਇਸ ਚਾਰਜਸ਼ੀਟ ਵਿੱਚ ਸਾਜਿਸ਼ਕਾਰਾਂ ਤੋਂ ਲੈ ਕੇ ਗੋਲੀ ਚਲਾਉਣ ਅਤੇ ਸਬੂਤਾਂ ਨਾਲ ਛੇੜਛਾੜ ਕਰਨ ਵਾਲੇ ਹਰ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ। ਸਿਟ ਅਨੁਸਾਰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਤੱਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਗੁਰਦੁਆਰਾ ਸਾਹਿਬ ਵਿਖੇ ਹੋਈਆਂ ਬੇਅਦਬੀ ਦੀਆਂ 3 ਘਟਨਾਵਾਂ ਵਿਚ ਆਪਣੀ ਸਰਕਾਰ ਦੀ ਅਣਗਹਿਲੀ ਨੂੰ ਛੁਪਾਉਣ ਲਈ ਗੈਰ-ਕਾਨੂੰਨੀ ਅਤੇ ਵਾਧੂ ਤਾਕਤ ਦੀ ਵਰਤੋਂ ਕਰਨ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਸਨ।ਇਸ ਚਾਰਜਸ਼ੀਟ ਵਿੱਚ ਆਈ.ਜੀ. ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ), ਡੀ.ਆਈ.ਜੀ. ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ), ਐੱਸ.ਐੱਸ.ਪੀ.  ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ/ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ), ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ ਦੇਣ), ਐਸਐਚਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ) ਦੇ ਨਾਮ ਵੀ ਸ਼ਾਮਲ ਹਨ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਇਸ ਮਾਮਲੇ ਦੀ ਜਾਂਚ ਨੂੰ ਇੱਕ ਸਿੱਟੇ ਤੱਕ ਲੈ ਕੇ ਜਾਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਉਹ ਵਾਅਦਾ ਪੂਰਾ ਕਰ ਦਿੱਤਾ ਹੈ। ਅਗਲੀ ਕਾਰਵਾਈ ਮਾਣਯੋਗ ਅਦਾਲਤ ਕਰੇਗੀ ਅਤੇ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਨੂੰ ਦੇਸ਼ ਦੀਆਂ ਨਿਆਂ ਪ੍ਰਣਾਲੀ ਵਿੱਚ ਪੂਰਾ ਭਰੋਸਾ ਹੈ ਕਿ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ਼ ਜ਼ਰੂਰ ਮਿਲੇਗਾ। ਅਸੀਂ ਵਾਅਦਾ ਕੀਤਾ ਸੀ ਕਿ ਜੇਕਰ ਅਸੀਂ ਸਰਕਾਰ ਵਿੱਚ ਆਏ ਤਾਂ ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਵਾਂਗੇ। ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਵੱਡੇ ਮਗਰਮੱਛ 'ਤੇ ਵੀ ਕਾਰਵਾਈ ਹੋਵੇਗੀ, ਅਸੀਂ ਉਹ ਵਾਅਦਾ ਪੂਰਾ ਕੀਤਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਇੱਕ ਇਮਾਨਦਾਰ ਸਰਕਾਰ ਕਰਕੇ ਸੰਭਵ ਹੋਇਆ ਹੈ। ਸਿਟ ਭਾਵੇਂ ਮਾਣਯੋਗ ਹਾਈਕੋਰਟ ਦੇ ਨਿਰਦੇਸ਼ ਅਨੁਸਾਰ ਬਣਾਈ ਗਈ ਸੀ ਪਰ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਨੂੰ ਪੂਰੀ ਆਜ਼ਾਦੀ ਨਾਲ, ਬਿਨਾਂ ਕਿਸੇ ਰਾਜਨੀਤਕ ਪ੍ਰਭਾਵ ਤੋਂ ਸਹੀ ਕੰਮ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਅਤੇ ਪ੍ਰਸ਼ਾਸਨ ਨੇ ਵੀ ਆਪਣੀ ਜ਼ਿੰਮੇਵਾਰੀ ਬਾਖੂਬੀ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲੇ ਹਰ ਵਿਅਕਤੀ, ਸਿੱਖ ਸੰਗਤ ਅਤੇ ਪੰਜਾਬੀ ਆਹਤ ਦੀਆਂ ਭਾਵਨਾਵਾਂ 'ਤੇ ਮਲ੍ਹੱਮ ਲੱਗੀ ਹੈ। ਉਨ੍ਹਾਂ ਪਾਰਟੀ, ਸਰਕਾਰ ਅਤੇ ਤਿੰਨ ਕਰੋੜ ਪੰਜਾਬੀਆਂ ਵੱਲੋਂ ਇਸ ਜਾਂਚ ਨੂੰ ਸਿੱਟੇ ਤੱਕ ਪਹੁੰਚਾਉਣ ਦਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਬਲ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਵੀ ਅਦਾ ਕੀਤਾ।