ਸਿੱਧੂ ਵਲੋਂ ਪਿੰਡ ਈਸੜੂ ਦੇ ਖੇਡ ਸਟੇਡੀਅਮ ਲਈ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸ਼ਹੀਦਾਂ ਦੇ ਖ਼ੂਨ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕ ਕਦੇ ਵੀ
ਖੰਨਾ, 16 ਅਗੱਸਤ (ਸੁਖਵਿੰਦਰ ਸਿੰਘ ਸਲੌਦੀ, ਅਵਤਾਰ ਸਿੰਘ ਜੰਟੀ ਮਾਨ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸ਼ਹੀਦਾਂ ਦੇ ਖ਼ੂਨ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਗ਼ੁਲਾਮੀ 'ਚ ਤਬਦੀਲ ਨਹੀਂ ਹੋਣ ਦੇਣਗੇ। ਅਕਾਲੀ ਭਾਜਪਾ ਗਠਜੋੜ ਸਰਕਾਰ ਵਲੋਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਆਰਥਿਕ ਗ਼ੁਲਾਮੀ ਦਾ ਸ਼ਿਕਾਰ ਬਣਾ ਦਿਤਾ ਗਿਆ ਹੈ, ਇਸ ਸਥਿਤੀ ਨੂੰ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ।
ਸ੍ਰੀ ਮਹਿੰਦਰਾ ਨੇ ਇਹ ਵਿਚਾਰ ਪਿੰਡ ਈਸੜੂ ਵਿਖੇ ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਰਾਜ ਪਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਮਹਿੰਦਰਾ ਨੇ ਕਿਹਾ ਕਿ ਇਹ ਪੰਜਾਬ ਅਤੇ ਇਥੋਂ ਦੇ ਲੋਕਾਂ ਦੀ ਤ੍ਰਾਸਦੀ ਹੀ ਕਹੀ ਜਾ ਸਕਦੀ ਹੈ ਕਿ ਪਿਛਲੇ 10 ਸਾਲਾਂ ਦੌਰਾਨ ਇਥੋਂ ਦੇ ਲੋਕਾਂ ਨੂੰ (ਬਾਕੀ ਸਫ਼ਾ 8 'ਤੇ)
ਕੁਟਿਆ ਅਤੇ ਲੁਟਿਆ ਗਿਆ, ਉਥੇ ਪੰਜਾਬ ਨੂੰ ਆਰਥਕ ਪੱਖੋਂ ਬਿਲਕੁਲ ਹੀ ਕੰਗਾਲ ਕਰ ਕੇ ਰੱਖ ਦਿਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਭਾਜਪਾ ਗਠਜੋੜ ਨੇ ਲੋਕਾਂ ਦੇ ਪੈਸੇ ਦੀ ਰੱਜ ਕੇ ਦੁਰਵਰਤੋਂ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਈਸੜੂ ਦੀ ਸਰਕਾਰੀ ਡਿਸਪੈਂਸਰੀ ਦੀ ਛੇ ਮਹੀਨੇ ਵਿੱਚ ਕਾਇਆ ਕਲਪ ਕਰ ਦਿਤੀ ਜਾਵੇਗੀ।
ਸਿੱਧੂ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਨੂੰ ਇਤਿਹਾਸ ਵਿੱਚ ਆਰਥਕ ਅਤਿਵਾਦ ਦੇ ਦੌਰ ਦੇ ਨਾਮ ਨਾਲ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਇਸ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਅਪਣੇ ਨਿਜੀ ਲਾਭ ਲਈ ਵਰਤਿਆ ਕਿ ਅੱਜ ਪੰਜਾਬ ਆਰਥਕ ਤੌਰ 'ਤੇ ਟੁੱਟ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਵਾਰ ਨੇ ਪੰਜਾਬ ਦੇ ਸਾਰੇ ਕਾਰੋਬਾਰਾਂ 'ਤੇ ਕਬਜ਼ਾ ਅਤੇ ਏਕਾਅਧਿਕਾਰ ਸਥਾਪਤ ਕਰਨ ਦੀ ਨੀਅਤ ਨਾਲ ਸੂਬੇ ਨੂੰ ਰੱਜ ਕੇ ਲੁੱਟਿਆ। ਉਨ੍ਹਾਂ ਪਿੰਡ ਈਸੜੂ ਦੇ ਖੇਡ ਸਟੇਡੀਅਮ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।
ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਦੀ ਇਕ-ਇਕ ਵੋਟ ਦਾ ਮੁਲ ਮੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਕਿਸਾਨੀ ਕਰਜ਼ੇ ਲਾਹੁਣ ਅਤੇ ਪੰਜਾਬ ਨੂੰ ਆਰਥਕ ਤੌਰ 'ਤੇ ਮਜ਼ਬੂਤ ਕਰਨ ਬਾਰੇ ਸੋਚਿਆ ਹੁੰਦਾ ਤਾਂ ਅੱਜ ਸੂਬੇ ਦਾ ਕਿਸਾਨ ਖ਼ੁਸ਼ਹਾਲ ਹੁੰਦਾ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਬਾਰੇ ਕੇਂਦਰ ਅਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸਮੇਤ ਸਾਰੀਆਂ ਸਾਰਿਆਂ ਨੇ ਸ਼ਹੀਦ ਕਰਨੈਲ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ।
ਸਮਾਗਮ ਵਿਚ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਅਮਰੀਕ ਸਿੰਘ ਢਿੱਲੋਂ, ਲਖਵੀਰ ਸਿੰਘ ਲੱਖਾ ਪਾਇਲ, ਬਲਬੀਰ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ, ਜੀ. ਪੀ. ਸਿੰਘ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਖੰਨਾ ਨਵਜੋਤ ਸਿੰਘ ਮਾਹਲ, ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾਂ ਵੀ ਮੌਜੂਦ ਸਨ।