ਸੀਵਰੇਜ ਬੰਦ ਹੋਣ ਕਾਰਨ ਲੋਕ ਹੋਏ ਪਰੇਸ਼ਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਸਬੰਧਤ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।

People are upset due to sewerage closure

ਗੜ੍ਹਸ਼ੰਕਰ:  ਤਹਿਸੀਲ ਦੇ ਪਿੰਡ ਨੂਰਪੁਰ ਜੱਟਾਂ ਵਿਚ ਸੀਵਰੇਜ ਦੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਬੰਦ ਹੋਣ ਕਾਰਨ ਗੰਦਾ ਪਾਣੀ ਪਿੰਡ ਦੀਆਂ ਗਲੀਆਂ ਵਿਚ ਜਮ੍ਹਾਂ ਹੋ ਗਿਆ ਹੈ ਜਿਸ ਕਰਕੇ ਪਿੰਡ ਵਾਸੀਆਂ ਖਾਸ ਕਰਕੇ ਦਲਿਤ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀਆਂ ਦੇ ਨਾਲ ਨਾਲ ਪਿੰਡ ਦੇ ਕਈ ਨੀਵੇਂ ਘਰਾਂ ਵਿਚ ਵੀ ਪਾਣੀ ਦਾਖਿਲ ਹੋ ਗਿਆ ਹੈ। ਇਸ ਨਾਲ ਲੋਕਾਂ ਦਾ ਜੀਉਣਾ ਮੁਸ਼ਕਿਲ ਹੋ ਗਿਆ ਹੈ।

ਇਸ ਬਾਰੇ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਪਿਛਲੀ ਪੰਚਾਇਤ ਵਲੋਂ ਪਿੰਡ ਵਿਚ ਪਾਏ ਸੀਵਰੇਜ ਵਿਚ ਅਨੇਕਾਂ ਖਾਮੀਆਂ ਸਨ ਜਿਨ੍ਹਾਂ ਨੂੰ ਦੂਰ ਕਰਨ ਲਈ ਕੋਈ ਯਤਨ ਨਹੀਂ ਕੀਤਾ ਜਾ ਰਿਹਾ ਅਤੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਸਮੁੱਚਾ ਸੀਵਰੇਜ ਬੰਦ ਹੋ ਗਿਆ ਹੈ। ਚੇਤੇ ਰਹੇ ਕਿ ਸਾਲ 2014 ਵਿਚ ਤਤਕਾਲੀ ਸਰਕਾਰ ਵਲੋਂ ਇਕ ਕਰੋੜ ਤੋਂ ਵੱਧ ਦੀ ਲਾਗਤ ਨਾਲ ਇਸ ਸੀਵਰੇਜ ਦਾ ਨਿਰਮਾਣ ਕੀਤਾ ਗਿਆ ਸੀ ਪਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਹ ਸੀਵਰੇਜ ਚਰਚਾ ਦਾ ਵਿਸ਼ਾ ਬਣਿਆ ਰਿਹਾ।

ਹੁਣ ਪਿਛਲੇ ਤਿੰਨ ਮਹੀਨਿਆਂ ਤੋਂ ਇਹ ਸੀਵਰੇਜ ਮੁਕੰਮਲ ਤੌਰ ‘ਤੇ ਬੰਦ ਹੋ ਗਿਆ ਹੈ ਅਤੇ ਗੰਦਾ ਪਾਣੀ ਗਲੀਆਂ ਵਿਚ ਘੁੰਮ ਰਿਹਾ ਹੈ ਜਿਸ ਕਰਕੇ ਪਾਣੀ ਦੀ ਬਦਬੂ ਨਾਲ ਪਿੰਡ ਵਿਚ ਬੀਮਾਰੀਆਂ ਫੈਲਣ ਦਾ ਡਰ ਬਣ ਗਿਆ ਹੈ। ਉਨ੍ਹਾਂ ਸਬੰਧਤ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਬੰਧੀ ਪਿੰਡ ਦੇ ਸਰਪੰਚ ਪਰਮਜੀਤ ਕੌਰ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਦੇ ਪਤੀ ਨੇ ਫੋਨ ਚੁੱਕਿਆ ਅਤੇ ਕਿਹਾ ਕਿ ਪਿਛਲੀ ਪੰਚਾਇਤ ਵਲੋਂ ਸੀਵਰੇਜ ਪਾਉਣ ਸਮੇਂ ਗੰਦੇ ਪਾਣੀ ਦੇ ਨਿਕਾਸੀ ਪੱਧਰ ਬਾਰੇ ਯੋਜਨਾਬੱਧ ਢੰਗ ਨਾਲ ਕੰਮ ਨਹੀਂ ਕੀਤਾ ਗਿਆ 
 

ਅਤੇ ਸੀਵਰੇਜ ਪਾਉਣ ਸਮੇਂ ਅਨੇਕਾਂ ਅਣਗਹਿਲੀਆਂ ਵਰਤੀਆਂ ਗਈਆਂ ਸਨ ਜਿਸ ਕਰਕੇ ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣਿਆ ਸੀਵਰੇਜ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਦੋ ਵਾਰ ਇੱਥੇ ਕੰਮ ਕਰਵਾ ਚੁੱਕੇ ਹਨ ਅਤੇ ਦੁਬਾਰਾ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਇਸ ਬਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਰਮਜੀਤ ਸਿੰਘ ਨੇ ਕਿਹਾ ਕਿ ਉਹ ਇਸ ਬਾਰੇ ਤੁਰੰਤ ਰਿਪੋਰਟ ਮੰਗਵਾਉਣਗੇ ਅਤੇ ਸਬੰਧਤ ਅਧਿਕਾਰੀਆਂ ਨੂੰ ਭੇਜ ਕੇ ਇਸ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।