ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ : ਮਨੀਸ਼ ਤਿਵਾੜੀ
ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ : ਮਨੀਸ਼ ਤਿਵਾੜੀ
ਬੰਗਾ, 23 ਮਾਰਚ (ਸੁਖਜਿੰਦਰ ਸਿੰਘ ਬਖਲੌਰ): ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਸ਼ਹੀਦਾਂ ਦੇ ਵਿਚਾਰਾਂ 'ਤੇ ਪਹਿਰਾ ਦਿਤਾ ਹੈ | ਸਾਂਸਦ ਤਿਵਾੜੀ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ |
ਤਿਵਾੜੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਨੂੰ ਗ਼ੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਉਣ ਲਈ ਫਾਂਸੀ ਦੇ ਫੰਦੇ ਨੂੰ ਹੱਸਦੇ-ਹੱਸਦੇ ਚੁੰਮਿਆ ਸੀ ਅਤੇ ਅੱਜ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਤੋਂ ਸ਼ਹੀਦਾਂ ਦੇ ਵਿਚਾਰਾਂ 'ਤੇ ਪਹਿਰਾ ਦਿਤਾ ਹੈ | ਸਮਾਗਮ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦੀ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ | ਅਜਿਹੇ ਵਿਚ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰੀਏ ਅਤੇ ਸਾਰਿਆਂ ਨੂੰ ਸ਼ਹੀਦਾਂ ਦੇ ਵਿਚਾਰਾਂ 'ਤੇ ਚਲਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਸਹੀਦੀ ਸਮਾਰਕ 'ਤੇ ਜਾ ਕੇ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਬੰਗਾ ਵਿਚ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸੀ | ਜਿਥੇ ਹੋਰਨਾਂ ਤੋਂ ਇਲਾਵਾ, ਹਰਿਆਣਾ ਦੇ ਸਾਬਕਾ ਸਪੀਕਰ ਕੁਲਦੀਪ ਸ਼ਰਮਾ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੁੰਢ, ਸਤਵੀਰ ਸਿੰਘ ਪੱਲੀ ਝਿੱਕੀ ਆਦਿ ਹਾਜ਼ਰ ਸਨ |