ਵਿਸਾਖੀ ਪੂਰੇ ਜਾਹੋ ਜਲਾਲ ਨਾਲ ਮਨਾਉਣ ਲਈ ਸੰਗਤਾਂ ਹੁਮ-ਹਮਾ ਕੇ ਦਮਦਮਾ ਸਾਹਿਬ ਪੁੱਜਣ : ਬਾਬਾ ਬਲਬੀਰ ਸਿੰਘ

ਏਜੰਸੀ

ਖ਼ਬਰਾਂ, ਪੰਜਾਬ

ਵਿਸਾਖੀ ਪੂਰੇ ਜਾਹੋ ਜਲਾਲ ਨਾਲ ਮਨਾਉਣ ਲਈ ਸੰਗਤਾਂ ਹੁਮ-ਹਮਾ ਕੇ ਦਮਦਮਾ ਸਾਹਿਬ ਪੁੱਜਣ : ਬਾਬਾ ਬਲਬੀਰ ਸਿੰਘ

image

ਤਲਵੰਡੀ ਸਾਬੋ, ਦਮਦਮਾ ਸਾਹਿਬ, 23 ਮਾਰਚ (ਪੱਤਰ ਪ੍ਰੇਰਕ): ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ  ਪੁਰਾਤਨ ਰਵਾਇਤ ਅਨੁਸਾਰ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸਾਖੀ ਪੂਰੇ ਖ਼ਾਲਸਾਹੀ ਜਾਹੋ ਜਲਾਲ ਨਾਲ ਮਨਾਉਣ ਲਈ ਵੱਧ ਚੜ੍ਹ ਕੇ ਹੁਮ-ਹੁਮਾ ਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਲਈ ਅਪੀਲ ਕੀਤੀ ਹੈ।
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਦਲਾਂ ਤੇ ਸੰਗਤਾਂ ਦੇ ਸਹਿਯੋਗ ਨਾਲ 12, 13 ਤੇ 14 ਅਪ੍ਰੈਲ ਨੂੰ ਵਿਸਾਖੀ ਪੂਰੇ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤੇ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਵਿਸਾਖੀ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਹੋਰ ਕਿਹਾ ਕਿ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਵਿਸਾਖੀ ਮੌਕੇ ਇਸ ਵਾਰ 13, 14 ਅਪ੍ਰੈਲ ਨੂੰ ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਬੇਰ ਸਾਹਿਬ, ਦੇਗਸਰ ਪਾ: ਦਸਵੀਂ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਵਿਸ਼ੇਸ਼ ਵਿਰਸਾ ਸੰਭਾਲ ਮਾਲਵਾ ਗਤਕਾ ਕੱਪ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਪਹਿਲੇ, ਦੂਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ। 
ਉਨ੍ਹਾਂ ਇਹ ਵੀ ਕਿਹਾ ਕਿ ਹੋਲੇ ਮਹੱਲੇ ਮੌਕੇ ਦਲ ਪੰਥ ਵਲੋਂ ਹਰ ਸਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ, ਏਵੇਂ ਹੀ ਵਿਸਾਖੀ ਪੁਰਬ ਤੇ ਮਾਲਵਾ ਗਤਕਾ ਕੱਪ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਛਾਉਣੀ ਬੁੱਢਾ ਦਲ ਗੁ: ਬੇਰ ਸਾਹਿਬ ਦੇਗਸਰ ਸਾਹਿਬ ਤੋਂ ਮਹੱਲਾ ਕਢਿਆ ਜਾਵੇਗਾ।