ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਨਮਾਨ

ਏਜੰਸੀ

ਖ਼ਬਰਾਂ, ਪੰਜਾਬ

ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਨਮਾਨ

image

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪੰਜਾਬ ਦੀਆਂ 13 ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ 

ਚੰਡੀਗੜ੍ਹ, 24 ਅਪ੍ਰੈਲ (ਝਾਮਪੁਰ): ਭਾਰਤ ਸਰਕਾਰ ਵਲੋਂ ਹਰ ਸਾਲ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਦੀਆਂ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਜਾਂਦਾ ਹੈ। ਪੰਚਾਇਤੀ ਰਾਜ ਮੰਤਰਾਲੇ ਵਲੋਂ ਇਸ ਸਾਲ ਇਹ ਸਮਾਰੋਹ ਪੰਚਾਇਤੀ ਰਾਜ ਦਿਵਸ ਮੌਕੇ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਪਾਲੀ ਗਰਾਮ ਪੰਚਾਇਤ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਉ ਕਾਨਫ਼ਰੰਸ ਰਾਹੀਂ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਸਨਮਾਨ ਕੀਤਾ ਅਤੇ ਵਧਾਈ ਦਿਤੀ। ਪੰਚਾਇਤੀ ਰਾਜ ਕੌਮੀ ਪੁਰਸਕਾਰ ਮੁਕਾਬਲਾ ਕਾਫ਼ੀ ਸਖ਼ਤ ਹੁੰਦਾ ਹੈ, ਜਿਸ ਨੂੰ ਹਾਸਲ ਕਰਨ ਲਈ ਤੈਅ ਕੀਤੇ ਵੱਖ-ਵੱਖ ਮਾਪਦੰਡਾਂ ਨੂੰ ਸਰ ਕਰ ਕੇ ਹੀ ਇਨਾਮ ਹਾਸਲ ਕੀਤਾ ਜਾ ਸਕਦਾ ਹੈ। 
ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸੂਬੇ ਦੀਆਂ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਸੂਬੇ ਦੀਆਂ ਕਈ ਪੰਚਾਇਤੀ ਰਾਜ ਸੰਸਥਾਵਾਂ ਪਿਛਲੇ ਕਈ ਸਾਲਾਂ ਤੋਂ ਕੌਮੀ ਮੁਕਾਬਲਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਮੁਕਾਬਲਿਆਂ ਵਿਚ ਪੰਜਾਬ ਦੀਆਂ ਹੋਰ ਪੰਚਾਇਤਾਂ ਦੀ ਭਾਗੀਦਾਰੀ ਕਰਵਾਉਣ ਲਈ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਪੜ੍ਹੇ ਲਿਖੇ ਨੌਜਵਾਨ ਪਿੰਡਾਂ ਦੀ ਅਗਵਾਈ ਕਰਨ ਲਈ ਅੱਗੇ ਆ ਰਹੇ ਹਨ।
ਕੁਲਦੀਪ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਮੌਜੂਦਾ ਸਾਲ ਵਿਚ ਪੰਜਾਬ ਰਾਜ ਦੀਆਂ 13 ਪੰਚਾਇਤੀ ਰਾਜ ਸੰਸਥਾਵਾਂ ਨੂੰ ਕੌਮੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਇਸ ਵਿਚ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਤੀਕਰਨ ਪੁਰਸਕਾਰ ਅਧੀਨ ਇਕ ਜ਼ਿਲ੍ਹਾ ਪਰੀਸ਼ਦ, ਦੋ ਬਲਾਕ ਸੰਮਤੀਆਂ ਅਤੇ 7 ਗ੍ਰਾਮ ਪੰਚਾਇਤਾਂ, ਨਾਨਾ ਜੀ ਦੀ ਦੇਸ਼ਮੁੱਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ, ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ) ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਅਤੇ ਬਾਲ ਮਿੱਤਰ ਗ੍ਰਾਮ ਪੰਚਾਇਤ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਨੂੰ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ । ਇਸ ਨਾਲ ਹੀ ਮੰਤਰੀ ਨੇ ਦਸਿਆ ਕਿ ਪੰਜਾਬ ਦੀਆਂ ਪੁਰਸਕਾਰ ਜੇਤੂ ਸੰਸਥਾਵਾਂ ਨੂੰ ਕਲ ਇਕ ਵਿਸ਼ੇਸ ਸਮਾਗਮ ਦੌਰਾਨ ਵਿਕਾਸ ਭਵਨ ਮੋਹਾਲੀ ਵਿਖੇ ਸਨਮਾਨਤ ਕੀਤਾ ਜਾਵੇਗਾ।