ਫਿਰੋਜ਼ਪੁਰ ਤੇ ਬਠਿੰਡਾ ਵਾਸੀਆਂ ਵਲੋਂ ਬੇਅਦਬੀ ਮਾਮਲੇ 'ਚ ਅਕਾਲੀ ਦਲ ਨੂੰ ਕਲੀਨ ਚਿੱਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫਿਰੋਜ਼ਪੁਰ ਅਤੇ ਬਠਿੰਡਾ ਹਲਕੇ ਦੇ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ

Sukhbir Singh Badal and Harsimrat Kaur Badal

ਬਠਿੰਡਾ: ਪੰਜਾਬ ਵਿਚਲੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਇੰਝ ਲੱਗਦਾ ਹੈ ਕਿ ਫਿਰੋਜ਼ਪੁਰ ਅਤੇ ਬਠਿੰਡਾ ਹਲਕੇ ਦੇ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਬੇਅਦਬੀ ਮਾਮਲੇ 'ਚ ਬੁਰੀ ਤਰ੍ਹਾਂ ਘਿਰੇ ਬਾਦਲ ਪਰਿਵਾਰ ਦੇ ਦੋ ਮੈਂਬਰ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਆਪੋ ਅਪਣੇ ਹਲਕਿਆਂ ਤੋਂ ਜਿੱਤ ਪ੍ਰਾਪਤ ਕਰਨ ਵਿਚ ਕਾਮਯਾਬ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਮੁੱਦਾ ਕਾਫ਼ੀ ਭਖਿਆ ਹੋਇਆ ਸੀ। ਜਿਸ ਦੇ ਚਲਦਿਆਂ ਅਕਾਲੀ ਦਲ ਦਾ ਕਾਫ਼ੀ ਵਿਰੋਧ ਹੋ ਰਿਹਾ ਸੀ ਕਿਉਂਕਿ ਇਹ ਮੰਦਭਾਗੀਆਂ ਘਟਨਾਵਾਂ ਅਕਾਲੀ ਸਰਕਾਰ ਵੇਲੇ ਹੀ ਵਾਪਰੀਆਂ ਸਨ। ਅਕਾਲੀ ਦਲ ਅਤੇ ਦੇ ਭਾਰੀ ਵਿਰੋਧ ਨੂੰ ਦੇਖਦਿਆਂ ਬਾਦਲ ਪਰਿਵਾਰ ਦੇ ਕਿਸੇ ਮੈਂਬਰ ਨੂੰ ਇਕ ਵੀ ਸੀਟ ਮਿਲਣ ਦੀ ਉਮੀਦ ਨਹੀਂ ਸੀ।

ਦਰਅਸਲ ਜਿਸ ਸਮੇਂ ਬਰਗਾੜੀ ਵਿਖੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਾਪਰਿਆ ਸੀ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਸੁਖਬੀਰ ਸਿੰਘ ਬਾਦਲ ਸੂਬੇ ਦੇ ਗ੍ਰਹਿ ਮੰਤਰੀ ਸਨ। ਬੇਅਦਬੀ ਨਾਲ ਜੁੜੇ ਮਾਮਲਿਆਂ ਵਿਚ ਇਨ੍ਹਾਂ ਕੋਲੋਂ ਐਸਆਈਟੀ ਵਲੋਂ ਪੁੱਛਗਿੱਛ ਵੀ ਕੀਤੀ ਜਾ ਚੁੱਕੀ ਹੈ। ਜਿੱਥੇ ਕਾਂਗਰਸ ਪਾਰਟੀ ਇਨ੍ਹਾਂ ਘਟਨਾਵਾਂ ਲਈ ਸਿੱਧੇ ਤੌਰ 'ਤੇ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ ਤਾਂ ਉਥੇ ਹੀ ਪੰਜਾਬ ਦੇ ਵੱਡੀ ਗਿਣਤੀ ਲੋਕ ਵੀ ਬਾਦਲਾਂ ਨੂੰ ਹੀ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਮੰਨਦੇ ਹਨ।

ਇਸ ਸਭ ਦੇ ਬਾਵਜੂਦ ਫਿਰੋਜ਼ਪੁਰ ਅਤੇ ਬਠਿੰਡਾ ਵਾਸੀਆਂ ਨੇ ਬਾਦਲ ਪਰਿਵਾਰ ਦੇ ਦੋ ਮੈਂਬਰਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੂੰ ਲੋਕ ਸਭਾ ਚੋਣ ਜਿਤਾ ਕੇ ਪਾਰਲੀਮੈਂਟ ਵਿਚ ਭੇਜ ਦਿੱਤਾ ਹੈ। ਜਿਸ ਨਾਲ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਡੁੱਬ ਰਹੇ ਅਕਾਲੀ ਦਲ ਨੂੰ ਫਿਰ ਤੋਂ ਵੱਡਾ ਸਹਾਰਾ ਮਿਲ ਗਿਆ ਹੈ। ਜੇਕਰ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਚੋਣ ਨਾ ਜਿੱਤਦਾ ਤਾਂ ਯਕੀਨਨ ਤੌਰ 'ਤੇ ਇਹ ਅਕਾਲੀ ਦਲ ਲਈ ਵੱਡੇ ਖ਼ਤਰੇ ਦੀ ਘੰਟੀ ਸੀ।

ਪਰ ਹੁਣ ਸੁਖਬੀਰ ਅਤੇ ਹਰਸਿਮਰਤ ਦੇ ਜਿੱਤਣ ਨਾਲ ਅਕਾਲੀ ਦਲ ਤੋਂ ਇਹ ਖ਼ਤਰੇ ਦੇ ਬੱਦਲ ਝੜਦੇ ਨਜ਼ਰ ਆਉਂਦੇ ਹਨ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ਵਿਚ ਭਾਜਪਾ ਨੇ ਕਾਂਗਰਸ ਦਾ ਸੂਪੜਾ ਸਾਫ਼ ਕਰਕੇ ਰੱਖ ਦਿਤਾ ਹੈ। ਪਰ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿੱਥੇ ਮੋਦੀ ਲਹਿਰ ਦਾ ਕੋਈ ਅਸਰ ਨਹੀਂ ਹੋਇਆ। ਇੱਥੇ ਭਾਜਪਾ ਨੂੰ ਸਿਰਫ 2 ਸੀਟਾਂ ਹੀ ਹਾਸਲ ਹੋ ਸਕੀਆਂ ਹਨ।