ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇੰਗਲੈਂਡ ਦੇ ਸਫ਼ੀਰ ਨੂੰ ਦਿਵਾਇਆ ਇਸ ਗੱਲ ਦਾ ਭਰੋਸਾ
ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਤੋਂ ਪੰਜਾਬ ਆਉਣ ਵਾਲਿਆਂ ਨੂੰ ਪੂਰੀ ਸਹਾਇਤਾ ਦੇਣ ਦਾ ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸੁਲਤਾਨ ਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਦੌਰਾ ਕਰਨ ਵਾਲੇ ਇੰਗਲੈਂਡ ਵਿੱਚ ਵਸੇ ਭਾਰਤੀ ਲੋਕਾਂ ਨੂੰ ਉਨ੍ਹਾਂ ਦੀ ਸਰਕਾਰ ਵਲੋਂ ਪੂਰੀ ਸਹਾਇਤਾ ਦੇਣ ਲਈ ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ ਹੈ।
ਐਂਡਰਿਉ ਆਯਰ ਮੁੱਖ ਮੰਤਰੀ ਨੂੰ ਅੱਜ ਦੁਪਹਿਰ ਮਿਲੇ। ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੂੰ ਅਪੀਲ ਕਰਨਗੇ ਕਿ ਉਹ ਇਸ ਮਹਾਨ ਸਮਾਰੋਹ ਮੌਕੇ ਭਾਰਤੀ ਮੂਲ ਖਾਸਕਰ ਪੰਜਾਬੀਆਂ ਨੂੰ ਵੀਜਾ ਦੇਣ ਵਿਚ ਉਦਾਰਵਾਦੀ ਪਹੁੰਚ ਅਪਣਾਉਣ ਲਈ ਇੰਗਲੈਂਡ ਵਿਚ ਭਾਰਤੀ ਹਾਈ ਕਮਿਸ਼ਨਰ ਨੂੰ ਨਿਰਦੇਸ਼ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿਚ ਪਹਿਲਾਂ ਹੀ ਵੱਡੇ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਪਵਿਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ ਜਿਥੇ ਪਹਿਲੇ ਗੁਰੂ ਜੀ ਨੇ ਆਪਣੇ ਜੀਵਨ ਦੇ ਤਕਰੀਬਨ 17 ਸਾਲ ਗੁਜਾਰੇ ਸਨ ਅਤੇ ਗਿਆਨ ਹਾਸਲ ਕੀਤਾ ਸੀ। ਉਨਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਬਟਾਲਾ ਅਤੇ ਡੇਰਾ ਬਾਬਾ ਨਾਨਕ ਵਰਗੀਆਂ ਹੋਰ ਥਾਵਾਂ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਸ਼੍ਰੀ ਆਯਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਇਤਿਹਾਸਕ ਮੌਕੇ ਸ਼ਮੂਲੀਅਤ ਕਰਨ ਲਈ ਇੰਗਲੈਂਡ ਦੇ ਬਹੁਤ ਸਾਰੇ ਵਫ਼ਦ ਪੰਜਾਬ ਦਾ ਦੌਰਾ ਕਰਨ ਲਈ ਉਤਸੁਕ ਹਨ। ਉਨਾਂ ਨੇ ਅਜਿਹੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀ ਗਈ ਪੇਸ਼ਕਸ਼ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ. ਐਸ. ਕਲਸੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਗੁਰਕਿਰਤ ਕ੍ਰਿਪਾਲ ਸਿੰਘ ਹਾਜ਼ਰ ਸਨ।