'ਬੇਅਦਬੀ ਕਾਂਡ' : ਰਿਮਾਂਡ ਖ਼ਤਮ ਹੋਣ ਉਪਰੰਤ ਐਸਐਚਓ ਗੁਰਦੀਪ ਪੰਧੇਰ ਨੂੰ 5 ਅਗੱਸਤ ਤਕ ਭੇਜਿਆ ਜੇਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇਥੋਂ ਦੇ ਡਿਊਟੀ

SHO Gurdeep Pandher

ਕੋਟਕਪੂਰਾ  (ਗੁਰਿੰਦਰ ਸਿੰਘ) : ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇਥੋਂ ਦੇ ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ 'ਤੇ ਅਦਾਲਤ ਨੇ ਉਸ ਨੂੰ 5 ਅਗੱਸਤ ਤਕ ਜੇਲ ਭੇਜਣ ਦਾ ਹੁਕਮ ਸੁਣਾਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੇਅਦਬੀ ਕਾਂਡ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅੱਤਿਆਚਾਰ ਵਾਲੀਆਂ ਘਟਨਾਵਾਂ ਦੀ ਜਾਂਚ ਕਰ ਰਹੀ 'ਐਸਆਈਟੀ' ਵਲੋਂ ਬਹਿਬਲ ਕਲਾਂ ਗੋਲੀਕਾਂਡ 'ਚ ਨਾਮਜ਼ਦ ਕੀਤੇ ਗਏ

ਸਿਟੀ ਥਾਣਾ ਕੋਟਕਪੂਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਅੱਜ ਪੁਲਿਸ ਸੁਰੱਖਿਆ ਹੇਠ ਰਿਮਾਂਡ ਖ਼ਤਮ ਹੋਣ 'ਤੇ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਤਾਂ ਵਿਸ਼ੇਸ਼ ਜਾਂਚ ਟੀਮ ਵਲੋਂ ਪੇਸ਼ ਹੋਏ ਜ਼ਿਲ੍ਹਾ ਅਟਾਰਨੀ ਨੇ ਅਦਾਲਤ ਨੂੰ ਦਸਿਆ ਕਿ ਪੰਧੇਰ ਦੇ ਹੋਰ ਪੁਲਿਸ ਰਿਮਾਂਡ ਦੀ ਲੋੜ ਨਹੀ ਹੈ।

ਸੂਤਰਾਂ ਅਨੁਸਾਰ ਪੁਲਿਸ ਨੇ ਸਾਜ਼ਸ਼ ਤਹਿਤ ਸ਼ਾਂਤਮਈ ਧਰਨੇ 'ਤੇ ਬੈਠੀ ਸਿੱਖ ਸੰਗਤ ਨੂੰ ਝੂਠੇ ਕੇਸ ਵਿਚ ਫਸਾਉਣ ਲਈ ਸਾਜ਼ਸ਼ ਰਚੀ ਸੀ, ਜਿਸ ਵਿਚ ਹੁਣ ਉਹ ਖ਼ੁਦ ਹੀ ਫਸਦੇ ਨਜ਼ਰ ਆ ਰਹੇ ਹਨ। ਕੋਟਕਪੂਰਾ ਗੋਲੀਕਾਂਡ ਵਿਚ ਇਸ ਤੋਂ ਪਹਿਲਾਂ ਤਤਕਾਲੀ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ ਨੂੰ ਵੀ ਦੋ ਵਾਰ ਸੰਮਨ ਜਾਰੀ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਹ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ।

ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ 'ਚ ਗ੍ਰਿਫ਼ਤਾਰ ਕੀਤੇ ਗਏ ਪੰਜ ਡੇਰਾ ਪ੍ਰੇਮੀ ਰਣਜੀਤ ਸਿੰਘ, ਰਣਦੀਪ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਨਰਿੰਦਰ ਕੁਮਾਰ ਨੇ ਸਥਾਨਕ ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਡੇਰਾ ਪ੍ਰੇਮੀਆਂ ਦੀ ਅਰਜ਼ੀ 'ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਮਾਮਲੇ ਨਾਲ ਲੋੜੀਂਦਾ ਰਿਕਾਰਡ 24 ਜੁਲਾਈ ਨੂੰ ਪੇਸ਼ ਕਰਨ। ਡੇਰਾ ਪ੍ਰੇਮੀਆਂ ਨੇ ਜ਼ਮਾਨਤ ਲਈ ਸੀਬੀਆਈ ਦੀ ਕਲੀਨ ਚਿੱਟ ਦਾ ਵੀ ਸਹਾਰਾ ਲਿਆ ਹੈ ਅਤੇ ਨਾਲ ਹੀ ਕਿਹਾ ਹੈ ਕਿ ਜੇਲ ਵਿਚ ਉਨ੍ਹਾਂ ਦੀ ਜਾਣ ਨੂੰ ਖ਼ਤਰਾ ਹੈ