ਨੰਬਰ ਪਲੇਟਾਂ ਵਾਲੇ ਬਿਨਾਂ ਨੰਬਰ ਨਾ ਬਣਾਉਣ ਪਲੇਟਾਂ : ਜ਼ਿਲ੍ਹਾ ਮੈਜਿਸਟ੍ਰੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ  ਧਾਰਾ 144 ਅਧੀਨ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ..........

Number Plates

ਮਾਨਸਾ : ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ  ਧਾਰਾ 144 ਅਧੀਨ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਜਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਾਹਨ ਤੋਂ ਨੰਬਰ ਪਲੇਟ ਬਣਾ ਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ 'ਤੇ ਹੀ ਲਗਾਕੇ ਦਿੱਤੀ ਜਾਵੇ। ਉਨ੍ਹਾਂ ਹੁਕਮ ਦਿਤਾ ਹੈ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ 'ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ, ਪੂਰਾ ਪਤਾ ਅਤੇ ਉਸ ਦੇ ਸ਼ਨਾਖਤੀ ਪੱਤਰ ਸਬੰਧੀ ਸਬੂਤ ਦਰਜ ਕੀਤਾ ਜਾਵੇ

ਅਤੇ ਵਾਹਨ ਦਾ ਨੰਬਰ, ਚੈਸੀ ਨੰਬਰ ਅਤੇ ਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ 'ਤੇ ਦੁਕਾਨਦਾਰਾਂ ਵਲੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ ਤਾਂ ਜੋ ਲੋੜ ਪੈਣ 'ਤੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਦੀ ਸਹਿਜੇ ਹੀ ਸ਼ਨਾਖ਼ਤ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਆਮ ਵੇਖਣ 'ਚ ਆਉਂਦਾ ਹੈ ਕਿ ਸ਼ਰਾਰਤੀ ਅਨਸਰ ਅਜਿਹੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਾਹਨਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿਚ ਕਿਸੇ ਵੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿਚ ਵਰਤੇ ਗਏ ਵਾਹਨ ਦੀ ਪੜਤਾਲ 'ਚ ਕਾਫ਼ੀ ਦਿੱਕਤ ਆਉਂਦੀ ਹੈ।