ਸੰਧੂ ਨੂੰ ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਜੋਂ ਸਹੁੰ ਚੁਕਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਮਨਦੀਪ ਸਿੰਘ ਸੰਧੂ ਨੂੰ ਰਾਜ ਦੇ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਜੋਂ............
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਮਨਦੀਪ ਸਿੰਘ ਸੰਧੂ ਨੂੰ ਰਾਜ ਦੇ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਜੋਂ ਸਹੁੰ ਚੁਕਾਈ ਹੈ। ਪੰਜਾਬ ਦੇ ਸਾਬਕਾ ਵਧੀਕ ਮੁੱਖ ਸਕੱਤਰ ਮਨਦੀਪ ਸਿੰਘ ਸੰਧੂ ਦੀ ਇਹ ਨਿਯੁਕਤੀ ਨਾਗਰਿਕ ਸੇਵਾਵਾਂ ਹੋਰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੀਤੀ ਗਈ ਹੈ ਜਿਸ ਨਾਲ ਪ੍ਰਸ਼ਾਸਨਿਕ ਸੁਧਾਰਾਂ ਨੂੰ ਵੀ ਹੋਰ ਬਲ ਮਿਲੇਗਾ। ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਐਨ.ਐਸ. ਕਲਸੀ ਨੇ ਸਹੁੰ ਚੁੱਕਣ ਸਬੰਧੀ ਪ੍ਰਕਿਰਿਆ ਪੂਰੀ ਕੀਤੀ।
ਮਨਦੀਪ ਸਿੰਘ ਸੰਧੂ ਨੂੰ ਸਹੁੰ ਚੁਕਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਨਤਕ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਅੜਿੱਕੇ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ 'ਸੇਵਾ ਦਾ ਅਧਿਕਾਰ ਐਕਟ-2011' ਨੂੰ ਰੱਦ ਕਰਦਿਆਂ 'ਪੰਜਾਬ ਪਾਰਦਰਸ਼ਿਤਾ ਅਤੇ ਜਵਾਬਦੇਹੀ ਕਮਿਸ਼ਨ' ਵਿੱਚ ਤਬਦੀਲ ਕਰ ਦਿੱਤਾ ਸੀ।
ਨਵਾਂ ਐਕਟ ਸੇਵਾ ਦਾ ਅਧਿਕਾਰ ਐਕਟ ਵਿਚਲੀਆਂ ਖਾਮੀਆਂ ਅਤੇ ਕਮਜ਼ੋਰੀਆਂ ਨੂੰ ਦੂਰ ਕਰਨ ਦੇ ਮਨਸ਼ੇ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਨਾਗਰਿਕ ਸੇਵਾਵਾਂ ਲਈ ਕੰਪਿਊਟਰ 'ਤੇ ਸਾਰਾ ਡਾਟਾ ਮੌਜੂਦ ਕਰਨਾ, ਸੇਵਾ ਸਬੰਧੀ ਅਰਜ਼ੀਆਂ ਦੀ ਆਨਲਾਈਨ ਰਸੀਦ ਨੂੰ ਲਾਜ਼ਮੀ ਮੁਹੱਈਆ ਕਰਾਉਣਾ ਅਤੇ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣੀਆਂ ਸ਼ਾਮਲ ਹਨ।