ਅਮਰੀਕਾ ਵੱਲੋਂ ਵਪਾਰਕ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ 'ਤੇ ਰੋਕ ਲਗਾਉਣ ਦਾ ਮਾਮਲਾ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ
commercial truck drivers news : ਫਲੋਰਿਡਾ ’ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵੱਲੋਂ ਅਚਾਨਕ ਯੂ-ਟਰਨ ਲੈਣ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਅਤੇ ਉਸ ਸਾਥੀ ਹਰਨੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਇਨ੍ਹਾਂ ਵਿਅਕਤੀਆਂ ’ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ। ਦੇਸ਼ ਨਿਕਾਲੇ ਤੋਂ ਬਚਣ ਲਈ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ ਭਾਰਤ ’ਚ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ। ਇਸ ਘਟਨਾ ਤੋਂ ਬਾਅਦ ਅਮਰੀਕਾ ਵੱਲੋਂ ਪੰਜਾਬੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ ’ਤੇ ਰੋਕ ਲਗਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਇਸ ਸਾਰੇ ਮਾਮਲੇ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੇਂਦਰ ਸਰਕਾਰ ਨੂੰ ਇਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਚਿੱਠੀ ’ਚ ਲਿਖਿਆ ਕਿ ਅਮਰੀਕਾ ਵੱਲੋਂ ਲਏ ਗਏ ਫੈਸਲੇ ਤੋਂ ਬਾਅਦ ਪੰਜਾਬ ਦੇ 1.5 ਲੱਖ ਟਰੱਕ ਡਰਾਈਵਰਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਖੜ੍ਹਾ ਹੋ ਜਾਵੇਗਾ। ਜਿਸ ਦੇ ਚਲਦਿਆਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਅਮਰੀਕਾ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਰਤੀ ਦੂਤਾਵਾਸ ਨੂੰ ਵੀ ਅਮਰੀਕਾ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇਕ ਘਟਨਾ ਦੇ ਆਧਾਰ ’ਤੇ ਸਮੁੱਚੇ ਭਾਈਚਾਰੇ ਨੂੰ ਸਜ਼ਾ ਦੇਣਾ ਗਲਤ ਹੈ।
ਉਧਰ ਸਮਾਜਸੇਵੀ ਡਾ. ਸਵੈਮਾਨ ਸਿੰਘ ਵੀ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਦੇ ਹੱਕ ਵਿਚ ਨਿੱਤਰ ਆਏ ਹਨ ਅਤੇ ਉਨ੍ਹਾਂ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਪੰਜਾਬੀ ਭਾਈਚਾਰੇ ਵੱਲੋਂ ਹਰਜਿੰਦਰ ਸਿੰਘ ਖਿਲਾਫ਼ ਕੀਤੇ ਜਾ ਰਹੇ ਪ੍ਰਚਾਰ ’ਤੇ ਰੋਸ ਵੀ ਪ੍ਰਗਟਾਇਆ ਅਤੇ ਕਿਹਾ ਕਿ ਹਾਦਸੇ ਦੌਰਾਨ ਗਈਆਂ ਜਾਨਾਂ ਵਾਪਸ ਨਹੀਂ ਆ ਸਕਦੀਆਂ। ਪਰ ਇਸ ਬਦਲੇ ਹਰਜਿੰਦਰ ਸਿੰਘ ਦਾ ਗਲ਼ਾ ਵੀ ਨਾ ਘੁੱਟਿਆ ਜਾਵੇ, ਕਿਉਂਕਿ ਡਰਾਈਵਿੰਗ ਕਰਦੇ ਸਮੇਂ ਅਸੀਂ ਬਹੁਤ ਗਲਤੀਆਂ ਕਰਦੇ ਹਾਂ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਪੰਜਾਬੀ ਭਾਈਚਾਰੇ ਨੂੰ ਤਾਂ ਹਰਜਿੰਦਰ ਸਿੰਘ ਦੇ ਖਿਲਾਫ ਨਹੀਂ ਬੋਲਣਾ ਚਾਹੀਦਾ।