25 ਸਤੰਬਰ ਤੱਕ ਪੰਜਾਬ ਵਿਚ ਯੈਲੋ ਅਲਰਟ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਅੱਜ ਪੂਰੇ ਪੰਜਾਬ ਵਿਚ ਮੀਂਹ ਪੈਣ ਵਾਲਾ ਹੈ

Yellow alert in Punjab till September 25

 

ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਵਿਚ 25 ਸਤੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਅਤੇ ਕੱਲ੍ਹ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੇਜ਼ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ। ਇਸ ਕਾਰਨ ਆਉਣ ਵਾਲੇ ਦਿਨਾਂ 'ਚ ਰਾਤਾਂ ਹੌਲੀ-ਹੌਲੀ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ ਪਰ 2 ਦਿਨਾਂ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੰਡੀ ਵਿਚ ਵਿਕਣ ਲਈ ਪਹੁੰਚੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਅੱਜ ਪੂਰੇ ਪੰਜਾਬ ਵਿਚ ਮੀਂਹ ਪੈਣ ਵਾਲਾ ਹੈ। ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। 25 ਸਤੰਬਰ ਨੂੰ ਮਾਲਵੇ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿਚ ਮੌਸਮ ਖ਼ਰਾਬ ਰਹੇਗਾ। ਮੀਂਹ ਕਾਰਨ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

ਜ਼ਿਆਦਾਤਰ ਸ਼ਹਿਰਾਂ 'ਚ ਸ਼ਨੀਵਾਰ ਦੀ ਸਵੇਰ ਨੂੰ ਪਿਛਲੇ ਦਿਨਾਂ ਦੇ ਮੁਕਾਬਲੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਸ਼ਨੀਵਾਰ ਸਵੇਰੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 21 ਡਿਗਰੀ ਦੇ ਨੇੜੇ ਦੇਖਿਆ ਗਿਆ। ਇਸ ਦੇ ਨਾਲ ਹੀ 25 ਸਤੰਬਰ ਤੱਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਕਿਸਾਨਾਂ ਦੀ ਵਧੀ ਚਿੰਤਾ

ਪੰਜਾਬ ਵਿਚ ਇਸ ਸਾਲ 30.84 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਲਗਾਇਆ ਗਿਆ ਹੈ, ਜੋ ਪਿਛਲੇ ਸਾਲ ਨਾਲੋਂ 2 ਫੀਸਦੀ ਘੱਟ ਹੈ। 4.60 ਲੱਖ ਹੈਕਟੇਅਰ ਰਕਬੇ ਵਿਚ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਮੀਂਹ ਨਾਲ ਖੜ੍ਹੀ ਫ਼ਸਲ ਦਾ ਨੁਕਸਾਨ ਨਹੀਂ ਹੋਵੇਗਾ ਪਰ ਜੇਕਰ ਤੇਜ਼ ਹਵਾਵਾਂ ਚੱਲੀਆਂ ਤਾਂ ਕਿਸਾਨਾਂ ਦੀਆਂ ਚਿੰਤਾਵਾਂ ਵਧ ਸਕਦੀਆਂ ਹਨ। ਪੰਜਾਬ 'ਚ ਸ਼ੁੱਕਰਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਸਵੇਰੇ 8.30 ਵਜੇ ਤੱਕ 30 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਲੁਧਿਆਣਾ ਵਿਚ 7 ​​ਐਮਐਮ ਅਤੇ ਪਟਿਆਲਾ ਵਿਚ 45 ਐਮਐਮ ਮੀਂਹ ਦਰਜ ਕੀਤਾ ਗਿਆ ਹੈ।