ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਪੀਕਰ ਨੇ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ

Mock session to be held at Punjab Vidhan Sabha on November 26 to provide info students the political sector: Speaker

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ।

ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਆਸੀ ਪ੍ਰਬੰਧ ਦੇ ਕੰਮ-ਕਾਜ, ਕਾਨੂੰਨ ਬਣਾਉਣ ਬਾਰੇ ਜਾਣਕਾਰੀ, ਬਜਟ ਤਿਆਰ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ ਇੱਕ ਵਿਦਿਆਰਥੀ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੌਕ ਸੈਸ਼ਨ ਕਰਵਾਇਆ ਜਾਵੇਗਾ। ਇਸ ਮੌਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਹਿੱਸਾ ਲੈਣਗੇ।

ਉਨ੍ਹਾਂ ਦੱਸਿਆ ਕਿ ਜੇਕਰ ਵਿਦਿਆਰਥੀਆਂ ਨੂੰ ਸਿਆਸਤ ਬਾਰੇ ਸਹੀ ਜਾਣਕਾਰੀ ਹੋਵੇਗੀ, ਤਾਂ ਹੀ ਉਹ ਅੱਗੇ ਵਧ ਸਕਦੇ ਹਨ ਅਤੇ ਸਹੀ ਪ੍ਰਤੀਨਿਧੀ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਸਕੂਲਾਂ ਦੇ ਲਗਭਗ 2400-2500 ਵਿਦਿਆਰਥੀ ਪੰਜਾਬ ਵਿਧਾਨ ਸਭਾ ਦਾ ਦੌਰਾ ਕਰ ਚੁੱਕੇ ਹਨ।