ਸ੍ਰੀ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦਾ ਮਤਾ ਪਾਸ
ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਏ ਜਾਣ ਸਬੰਧੀ ਇਕ ਮਤਾ ਪਾਸ...
ਨਨਕਾਣਾ ਸਾਹਿਬ (ਭਾਸ਼ਾ) : ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਏ ਜਾਣ ਸਬੰਧੀ ਇਕ ਮਤਾ ਪਾਸ ਕਰ ਦਿਤਾ ਹੈ। ਇਹ ਮਤਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਨਨਕਾਣਾ ਸਾਹਿਬ ਵਿਖੇ ਸਿੱਖਾਂ ਦੇ ਭਾਰੀ ਇਕੱਠ ਦੌਰਾਨ ਪੇਸ਼ ਕੀਤਾ ਗਿਆ। ਜਿਸ ਨੂੰ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਰਨਾ ਵਲੋਂ ਪੇਸ਼ ਕੀਤੇ ਗਏ ਮਤੇ ਦਾ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਪੁੱਜੇ ਐੱਸਜੀਪੀਸੀ ਦੇ ਜਥੇ ਦੇ ਆਗੂ ਅਮਰਜੀਤ ਸਿੰਘ ਭਲਾਈਪੁਰ ਵਲੋਂ ਵੀ ਸਮਰਥਨ ਕੀਤਾ ਗਿਆ।
ਉਨ੍ਹਾਂ ਆਖਿਆ ਕਿ ਉਹ ਇਸ ਮਤੇ ਨੂੰ ਲਾਗੂ ਕਰਵਾਉਣ ਲਈ ਪੂਰੀ ਵਾਹ ਲਾਉਣਗੇ। ਇਸ ਤੋਂ ਇਲਾਵਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਨੇ ਵੀ ਮਤੇ ਦਾ ਸਮਰਥਨ ਕੀਤਾ। ਦਸ ਦਈਏ ਕਿ ਪਾਕਿਸਤਾਨ ਦੇ ਸਿੱਖਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਐਲਾਨੇ ਜਾਣ ਦੀ ਮੰਗ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਹੈ। ਹੁਣ ਭਾਵੇਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਸੰਗਤਾਂ ਦੀ ਹਾਜ਼ਰੀ ਵਿਚ ਇਸ ਸਬੰਧੀ ਮਤੇ ਨੂੰ ਪਾਸ ਕੀਤਾ ਗਿਆ ਹੈ ਪਰ ਸਵਾਲ ਇਹ ਪੈਦਾ ਹੁੰਦਾ ਕੀ ਪਾਕਿਸਤਾਨੀ ਸਿੱਖਾਂ ਦੀ ਇਸ ਚਿਰੋਕਣੀ ਮੰਗ ਪੂਰੀ ਹੋ ਸਕੇਗੀ ਜਾਂ ਨਹੀਂ?