ਦਿੱਲੀ ਵੱਲ ਕੂਚ ਕਰਨ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਭਰ ਦੀਆਂ 500 ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਆਈ।

farmer

ਚੰਡੀਗੜ੍ਹ :  ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਵਜੋਂ ਪੰਜਾਬ ਦੇ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਿਸਾਨਾਂ ਨੇ ਪੂਰੀ ਤਿਆਰੀ ਵੀ ਕਰ ਲਈ ਹੈ। ਕਰੋਨਾ ਦੇ ਵਧਦੇ ਕੇਸਾਂ ਕਾਰਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਮੁੜ ਸਖ਼ਤੀ ਦੀਆਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਇਸੇ ਤਹਿਤ ਕੇਂਦਰੀ ਟੀਮਾਂ ਦੇ ਪੰਜਾਬ ਸਮੇਤ ਕਈ ਸੂਬਿਆਂ ’ਚ ਨਿਗਰਾਨੀ ਲਈ ਆਉਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਪਰ ਕਿਸਾਨ ਕੋਰੋਨਾਵਾਇਰਸ ਤੋਂ ਡਰ ਕੇ ਦਿੱਲੀ ਜਾਣ ਦਾ ਫੈਸਲਾ ਨਹੀਂ ਟਾਲਣਗੇ। 

ਇਸ ਬਾਰੇ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏਆਈਕੇਐਸਸੀ) ਨੇ ਸਪੱਸ਼ਟ ਕੀਤਾ ਹੈ ਕਿ 26 ਤੇ 27 ਨਵੰਬਰ ਦਾ ਦਿੱਲੀ ਕੂਚ ਅਟੱਲ ਹੈ। ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਦਾਅਵਾ ਕੀਤਾ ਹੈ ਕਿ ਕੌਮੀ ਪੱਧਰ ਦੇ ਦੋ ਕਿਸਾਨ ਆਗੂਆਂ ਦੇ ਕੋਰੋਨਾ ਪੀੜਤ ਹੋਣ ਕਾਰਨ ਕੁਝ ਗਲਤ ਸੰਦੇਸ਼ ਚਲਾ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ 500 ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਆਈ।

ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਗਲਤ ਸੂਚਨਾਂ ਜਾਂ ਅਫਵਾਹ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਤੇ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦਾ ਸਮੂਹਕ ਸੰਕਲਪ ਕੇਂਦਰ ਸਰਕਾਰ ਲਈ ਸਿਰਦਰਦੀ ਦਾ ਕਾਰਨ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਨ ਵਾਲੀਆਂ ਏਜੰਸੀਆਂ ਖਾਸ ਕਰ ਦਿੱਲੀ ਪੁਲਿਸ ਅੰਦੋਲਨ ਨੂੰ ਅਸਫ਼ਲ ਬਣਾਉਣ ਲਈ ਸਿਰਤੋੜ ਯਤਨ ਕਰਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸੇ ਗਲਤ ਜਾਣਕਾਰੀ ਤੇ ਗੁਮਰਾਹਕੁੰਨ ਜਾਂ ਭੁਲੇਖਾ ਪਾਊ ਸਾਜ਼ਿਸ਼ ਦਾ ਉਹ ਸ਼ਿਕਾਰ ਨਾ ਹੋਣ।ਕਾਬਲੇਗੌਰ ਹੈ ਕਿ ਕਨਵੀਨਰ ਵੀ. ਐਮ ਸਿੰਘ ਖੁਦ ਕੋਰੋਨਾਵਾਇਰਸ ਤੋਂ ਪੀੜਤ ਹਨ, ਜਿਸ ਕਾਰਨ ਉਨ੍ਹਾਂ ਨੇ ਖੁਦ ਨੂੰ  ਅੰਦੋਲਨ ਤੋਂ ਬਾਹਰ ਕਰ ਲਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਪਿੰਡਾਂ ਵਿਚ ਹੀ ਰਹਿਣ ਅਤੇ ਭੁੱਖ ਹੜਤਾਲ ’ਤੇ ਬੈਠ ਜਾਣ। ਦਿੱਲੀ ਵਿਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੂੰ ਇਜ਼ਾਜਤ ਨਹੀਂ ਮਿਲੀ, ਜਿਸ ਕਾਰਨ ਕੋਈ ਇੰਤਜਾਮ ਵੀ ਨਹੀਂ ਹੋ ਸਕਿਆ ਹੈ।