ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ : ਪਰਮਿੰਦਰ ਸਿੰਘ ਢੀਂਡਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨਾਂ ਦੇ ਹਰ ਸੰਘਰਸ਼ ਵਿਚ ਉਨ੍ਹਾਂ ਨਾਲ ਖੜਾ ਮਿਲੇਗਾ

Parminder Dhindsa

ਚੰਡੀਗੜ੍ਹ, 23 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਖੇਤੀ ਕਾਲੇ ਕਾਨੂੰਨਾਂ ਦੇ ਵਿਰੁਧ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ। ਦਿੱਲੀ ਵਿਚ ਕਿਸਾਨਾਂ ਦੇ ਦੇਸ਼ ਵਿਆਪੀ ਸ਼ਾਂਤਮਈ ਅੰਦੋਲਨ ਦਾ ਹਿੱਸਾ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਵੇਗੀ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰ ਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿਚ ਸ਼ਮੂਲੀਅਤ ਕਰਨਗੇ। ਤਾਕਿ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਚਲੋ ਪ੍ਰੋਗਰਾਮ ਲਈ ਪਾਰਟੀ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਟ੍ਰੈਕਟਰ-ਟਰਾਲੀਆਂ ਰਾਹੀਂ ਜਾਣ ਦਾ ਫੈਸਲਾ ਲਿਆ ਹੈ। ਇਸ ਕਰ ਕੇ ਪਾਰਟੀ ਦੇ ਆਗੂ ਵੀ ਉਨ੍ਹਾ ਦੇ ਨਾਲ ਇਸੇ ਤਰ੍ਹਾਂ ਜਾਣਗੇ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੂਰੇ ਮੁਲਕ ਦੇ ਕਿਸਨਾਂ ਨੂੰ ਰਾਹ ਵਿਖਾਈ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਸੰਵਿਧਾਨ 'ਤੇ ਦਸਤਖ਼ਤ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨਾਂ ਨੂੰ ਸੰਵਿਧਾਨ ਦਿਵਸ ਮੌਕੇ ਅਪਣੀ ਗੱਲ ਕਰਨ ਦਾ ਹੱਕ ਮਿਲੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਇਕਜੁਟ ਹੋਣ ਨਾਲ ਹੀ ਇਸ ਲੜਾਈ ਵਿਚ ਜਿੱਤ ਹਾਸਲ ਕੀਤੀ ਜਾ ਸਕਦੀ ਹੈ। ਇਸ ਕਰ ਕੇ ਸਾਰਿਆਂ ਨੂੰ ਆਪਸੀ ਮਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਸ. ਢੀਂਡਸਾ ਨੇ ਕਿਸਾਨਾਂ ਵਲੋਂ ਬਣਾਏ ਗਏ ਕੌਮੀ ਸਾਂਝੇ ਮੋਰਚੇ ਦੀ ਵੀ ਸ਼ਲਾਘਾ ਕੀਤੀ ਹੈ।