ਮਜੀਠੀਆ ਖ਼ਿਲਾਫ਼ FIR ‘ਤੇ ਬਾਜਵਾ ਦਾ ਬਿਆਨ, “ਕੈਪਟਨ ਚਾਹੁੰਦੇ ਤਾਂ ਪਹਿਲਾਂ ਹੀ ਹੋ ਸਕਦੀ ਸੀ ਕਾਰਵਾਈ”
ਬਿਕਰਮ ਮਜੀਠੀਆ 'ਤੇ ਚੱਲ ਰਹੀ ਕਾਰਵਾਈ 'ਤੇ ਬਾਜਵਾ ਨੇ ਕਿਹਾ ਕਿ ਇਸ 'ਚ ਕੋਈ ਸਿਆਸੀ ਸਟੰਟ ਨਹੀਂ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।
ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਅੰਮ੍ਰਿਤਸਰ ਏਅਰਪੋਰਟ ਪਹੁੰਚੇ। ਬਿਕਰਮ ਮਜੀਠੀਆ ਖਿਲਾਫ਼ ਕਾਰਵਾਈ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਚਾਹੁੰਦੇ ਤਾਂ ਇਹ ਕਾਰਵਾਈ ਪਹਿਲਾਂ ਹੋ ਸਕਦੀ ਸੀ। ਕੈਪਟਨ ਸਾਬ੍ਹ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬੀਆਂ ਨੂੰ ਯਕੀਨ ਦਿਵਾਇਆ ਸੀ ਕਿ ਉਹ ਇਸ ਮੁੱਦੇ ਦਾ ਹੱਲ ਕਰਨਗੇ ਅਤੇ ਉਹਨਾਂ ਨੇ ਅਪਣਾ ਵਾਅਦਾ ਪੂਰਾ ਨਹੀਂ ਕੀਤਾ, ਇਸ ਗੱਲ਼ ਦੀ ਉਹਨਾਂ ਨੂੰ ਬਹੁਤ ਵੱਡੀ ਸਿਆਸੀ ਸਜ਼ਾ ਵੀ ਮਿਲੀ ਹੈ।
ਇਸ ਮੌਕੇ ਉਹਨਾਂ ਨੇ ਲੁਧਿਆਣਾ ਬੰਬ ਧਮਾਕੇ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਬੇਅਦਬੀ ਅਤੇ ਹੋਰ ਘਟਨਾਵਾਂ ਨੇ ਵੀ ਜ਼ੋਰ ਫੜ ਲਿਆ ਹੈ। ਉਹਨਾਂ ਕਿਹਾ ਕਿ ਚੋਣਾਂ ਨੇੜੇ ਅਜਿਹੀਆਂ ਦੁਖਦਾਈ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ। ਇਹ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।
ਪ੍ਰਤਾਪ ਬਾਜਵਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਿਕਰਮ ਮਜੀਠੀਆ 'ਤੇ ਚੱਲ ਰਹੀ ਕਾਰਵਾਈ 'ਤੇ ਬਾਜਵਾ ਨੇ ਕਿਹਾ ਕਿ ਇਸ 'ਚ ਕੋਈ ਸਿਆਸੀ ਸਟੰਟ ਨਹੀਂ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਪਿਛਲੇ ਚਾਰ ਸਾਲ ਤੋਂ ਚੱਲ ਰਹੀ ਜਾਂਚ ਦਾ ਹਿੱਸਾ ਹੈ ਅਤੇ ਹਰਪ੍ਰੀਤ ਸਿੰਘ ਦੀ ਰਿਪੋਰਟ ਦੇ ਆਧਾਰ ’ਤੇ ਹੀ ਬਿਕਰਮਜੀਤ ਸਿੰਘ ਮਜੀਠੀਆ ਉਤੇ ਮਾਮਲਾ ਦਰਜ ਕੀਤਾ ਗਿਆ ਹੈ।