ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਧਰਨੇ ’ਤੇ ਬੈਠੇ ਰਾਜਾ ਵੜਿੰਗ, ਕਾਂਗਰਸੀ ਵਰਕਰਾਂ ਦੀ ਪੁਲਿਸ ਨਾਲ ਬਹਿਸ
ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਾਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਰਾਜਾ ਵੜਿੰਗ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਹਨ|
ਨਵੀਂ ਦਿੱਲੀ: ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਾਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਹਨ| ਇਸ ਮੌਕੇ ਰਾਜਾ ਵੜਿੰਗ ਅਤੇ ਕਾਂਗਰਸੀ ਆਗੂਆਂ ਦੀ ਸੁਰੱਖਿਆ ਕਰਮੀਆਂ ਨਾਲ ਬਹਿਸ ਵੀ ਹੋਈ ਅਤੇ ਹਲਕੀ ਝੜਪ ਦੀ ਦੇਖਣ ਨੂੰ ਮਿਲੀ।
ਇਸ ਦੌਰਾਨ ਕੇਜਰੀਵਾਲ ਦੇ ਘਰ ਦੇ ਬਾਹਰ ਜਬਰਦਸਤ ਹੰਗਾਮਾ ਹੋਇਆ ਹੈ। ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੋ ਰੋਜ਼ਾ ਦੌਰੇ 'ਤੇ ਪੰਜਾਬ ਆਏ ਹੋਏ ਹਨ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਹਨਾਂ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਹਨਾਂ ਨੇ ਪੰਜਾਬ ਦੀਆਂ ਬੱਸਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਪ੍ਰਾਈਵੇਟ ਬੱਸਾਂ ਸਾਡੇ ਐਨਆਰਆਈ ਭਰਾਵਾਂ ਤੋਂ ਤਿੰਨ ਹਜ਼ਾਰ ਰੁਪਏ ਲੈ ਰਹੀਆਂ ਹਨ ਜਦਕਿ ਪੰਜਾਬ ਸਰਕਾਰ ਦੀਆਂ ਬੱਸਾਂ ਸਾਡੇ ਭਰਾਵਾਂ ਤੱਕ ਬਾਰਾਂ ਸੌ ਰੁਪਏ ਵਿਚ ਪਹੁੰਚ ਸਕਦੀਆਂ ਹਨ।
ਉਹਨਾਂ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ’ਤੇ ਜਾਣ ਦੀ ਇਜਾਜ਼ਤ ਕਿਉਂ ਨਹੀਂ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਮਿਲਣ ਆਏ ਹਨ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਉਹਨਾਂ ਨੇ 13 ਵਾਰ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਸੀ ਪਰ ਉਹਨਾਂ ਦਾ ਕੋਈ ਜਵਾਬ ਨਹੀਂ ਆਇਆ।