DGP ਗੌਰਵ ਯਾਦਵ ਨੇ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

-  ਪਹਿਲੀ ਵਾਰ,  ਡਰੋਨਾਂ ਰਾਹੀਂ ਕੀਤੀ ਜਾਵੇਗੀ ਨਿਗਰਾਨੀ, ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਵੀ ਕੀਤੇ ਸਥਾਪਤ

Punjab DGP reviews security arrangements in Fatehgarh Sahib ahead of Shaheedi Jor Mela



ਚੰਡੀਗੜ/ਫਤਹਿਗੜ ਸਾਹਿਬ - ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ  ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26  ਤੋਂ 28 ਦਸੰਬਰ , 2022 ਤੱਕ ਸ੍ਰੀ ਫਤਿਹਗੜ ਸਾਹਿਬ ਵਿਖੇ ਹੋਵੇਗਾ। ਸ੍ਰੀ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਜਾ ਰਹੇ 3000 ਤੋਂ ਵੱਧ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਪਹਿਲੀ ਵਾਰ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਡੀ.ਆਈ.ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ ਫਤਿਹਗੜ ਸਾਹਿਬ ਰਵਜੋਤ ਕੌਰ ਗਰੇਵਾਲ ਨਾਲ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ  ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਇੱਕ ਆਧੁਨਿਕ ਕਮਾਂਡ ਸੈਂਟਰ ਵੀ ਸਥਾਪਤ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।