ਸਰਕਾਰ ਵਲੋਂ ਸਿਹਤ ਸੁਵਿਧਾਵਾਂ ਦੇ ਨਿੱਜੀਕਰਨ ਸਰਕਾਰ ਦੀ ਮਾੜੀ ਨੀਅਤ ਦਾ ਮੁਜ਼ਾਹਰਾ: ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਪੰਜਾਬ ਦੇ ਸਿਹਤ ਸੰਸਥਾਨਾਂ...

Harpal Cheema

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਪੰਜਾਬ ਦੇ ਸਿਹਤ ਸੰਸਥਾਨਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਕੁੱਝ ਅਖ਼ਬਾਰਾਂ ਵਿਚ ਛਪੇ ਮਹਿੰਦਰਾ ਦੇ ਬਿਆਨ ਕਿ ਕੈਪਟਨ ਸਰਕਾਰ ਸਿਹਤ ਸੰਸਥਾਨਾਂ ਵਿਚ ਨਿੱਜੀਕਰਨ ਦੀ ਨੀਤੀ ਲਾਗੂ ਨਹੀਂ ਕਰ ਰਹੀ 'ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਮਹਿੰਦਰਾ ਇਸ ਸੰਬੰਧੀ ਸਰਾਸਰ ਝੂਠ ਬੋਲ ਰਹੇ ਹਨ

ਕਿਉਂ ਜੋ ਸਰਕਾਰ ਨੇ ਪਹਿਲਾਂ ਹੀ ਸਿਹਤ ਸੰਸਥਾਨਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਸੰਬੰਧੀ ਇਸ਼ਤਿਹਾਰ ਅਖ਼ਬਾਰਾਂ ਵਿਚ ਜਾਰੀ ਕੀਤੇ ਹੋਏ ਹਨ। ਚੀਮਾ ਨੇ ਕਿਹਾ ਕਿ ਸਿੱਖਿਆ ਵਾਂਗ ਸਰਕਾਰ ਲੋਕਾਂ ਦੇ ਸਿਹਤ ਨਾਲ ਵੀ ਖਿਲਵਾੜ ਕਰਨ ਉਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਤੇ ਖ਼ਾਸ ਤੌਰ 'ਤੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਖ਼ੁਦ ਦੇ ਸ਼ਹਿਰ ਵਿਚ ਸਵਾਈਨ ਫਲੂ ਦੇ ਕੇਸਾਂ ਦੀ ਪੁਸ਼ਟੀ ਇਸ ਗੱਲ ਦੀ ਗਵਾਹ ਹੈ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿੱਖਿਆ ਦੇ ਨਾਲ ਨਾਲ ਸਿਹਤ ਦਾ ਵੀ ਬੁਰਾ ਹਾਲ ਹੈ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੁਆਰਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਦਿਤੇ ਬਿਆਨ ਕਿ ਕੇਜਰੀਵਾਲ ਦੇ ਦਿੱਲੀ ਵਿਚ ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਨਿੱਜੀਕਰਨ ਕਰ ਦਿਤਾ ਹੈ 'ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਮੰਤਰੀ ਝੂਠ ਬੋਲ ਕੇ ਲੋਕਾਂ ਨੂੰ ਭਰਮਾਉਣਾ ਬੰਦ ਕਰਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰ ਮੁਹੱਲਾ ਕਲੀਨਿਕ ਅਤੇ ਸਰਕਾਰੀ ਸਕੂਲਾਂ ਦੀਆਂ ਖ਼ਬਰਾਂ ਦੁਨੀਆ ਭਰ ਦੇ ਪ੍ਰਮੁੱਖ ਅਖ਼ਬਾਰਾਂ ਵਿਚ ਛਪ ਚੁੱਕੀਆਂ ਹਨ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਲੋਕ ਇਨ੍ਹਾਂ ਨੂੰ ਵੇਖਣ ਲਈ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਸਿੱਧ ਕਰ ਦਿਤਾ ਹੈ ਕਿ ਜੇਕਰ ਰਾਜ ਨੇਤਾਵਾਂ ਦੀ ਨੀਅਤ ਸਾਫ਼ ਹੋਵੇ ਤਾਂ ਸਰਕਾਰੀ ਸੰਸਥਾਨਾਂ ਨੂੰ ਵੀ ਪ੍ਰਾਈਵੇਟ ਸੰਸਥਾਨਾਂ ਨੂੰ ਵੀ ਵਧੇਰੇ ਚੰਗਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੂੰ ਦਿੱਲੀ ਜਾ ਕੇ ਕੇਜਰੀਵਾਲ ਸਰਕਾਰ ਦੁਆਰਾ ਕੀਤੇ ਕੰਮਾਂ ਨੂੰ ਵੇਖ ਉਨ੍ਹਾਂ ਨੂੰ ਸੂਬੇ ਵਿਚ ਲਾਗੂ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।