ਯੋਗ ਕਿਸਾਨਾਂ ਨੂੰ ਹੀ ਦਿਤੀ ਰਾਹਤ : ਬ੍ਰਹਮ ਮਹਿੰਦਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਆਰੰਭੀ ਕਰਜ਼ਾ ਰਾਹਤ ਸਕੀਮ ਦੇ ਅੱਜ ਸ਼ੁਰੂ ਹੋਏ ਤੀਜੇ ਪੜਾਅ ਤਹਿਤ ਸਿਹਤ ਅਤੇ ਪਰਵਾਰ..........

Brahm Mohindra

ਪਟਿਆਲਾ : ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਆਰੰਭੀ ਕਰਜ਼ਾ ਰਾਹਤ ਸਕੀਮ ਦੇ ਅੱਜ ਸ਼ੁਰੂ ਹੋਏ ਤੀਜੇ ਪੜਾਅ ਤਹਿਤ ਸਿਹਤ ਅਤੇ ਪਰਵਾਰ ਭਲਾਈ ਅਤੇ ਮੈਡੀਕਲ ਸਿਖਿਆ ਅਤੇ ਖੋਜ ਮੰਤਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਜ਼ਿਲੇ ਦੇ 11631 ਕਿਸਾਨਾਂ ਨੂੰ 99.65 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਰਟੀਫ਼ੀਕੇਟ ਪ੍ਰਦਾਨ ਕਰਨ ਦੀ ਸ਼ੁਰੂਆਤ ਕਰਵਾਈ। ਅੱਜ ਇਥੇ ਪਟਿਆਲਾ ਦਿਹਾਤੀ ਹਲਕੇ ਦੇ 18 ਲਾਭਪਾਤਰੀ ਕਿਸਾਨਾਂ ਨੂੰ ਰਸਮੀ ਤੌਰ 'ਤੇ ਕਰਜ਼ਾ ਰਾਹਤ ਸਰਟੀਫ਼ੀਕੇਟ ਸੌਂਪਣ ਮੌਕੇ ਸ਼੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਚੋਣਾਂ

ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਇਸ ਮੌਕੇ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਸਾਰੇ ਯੋਗ ਕਿਸਾਨਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਇਸ ਕਰਜ਼ਾ ਰਾਹਤ ਸਕੀਮ ਤਹਿਤ ਕਰੀਬ 8 ਹਜ਼ਾਰ ਕਰੋੜ ਰੁਪਏ ਦਾ ਲਾਭ ਦੇ ਕੇ ਉਨ੍ਹਾਂ ਦੀ ਬਾਂਹ ਫੜੀ ਹੈ। ਸਿਹਤ ਮੰਤਰੀ ਨੇ ਇਸ ਮੌਕੇ ਜਿਥੇ ਨਵੀਆਂ ਚੁਣੀਆਂ ਪੰਚਾਇਤਾਂ ਸਮੇਤ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸੱਦਾ ਦਿਤਾ ਕਿ ਉਹ ਸੂਬੇ ਦੇ ਵਿਕਾਸ 'ਚ ਅਪਣਾ ਅਹਿਮ ਯੋਗਦਾਨ ਪਾਉਣ ਲਈ ਸਭਨਾ ਨੂੰ ਨਾਲ ਲੈ ਕੇ ਚੱਲਣ, ਉਥੇ ਹੀ ਉਨ੍ਹਾਂ ਨੇ ਪੰਚਾਇਤਾਂ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ

ਕਿ ਉਹ ਇਨ੍ਹਾਂ ਨਵੇਂ ਚੁਣੇ ਨੁਮਾਇੰਦਿਆਂ ਦੇ ਰਾਹ ਦਸੇਰਾ ਬਣਕੇ ਅਪਣੇ ਕਰਤਵ ਨਿਭਾਉਣ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮਾਫ਼ੀ ਦੇ ਅਗਲੇ ਪੜਾਵਾਂ ਵਿਚ ਬੇਜ਼ਮੀਨੇ ਕਾਮਿਆਂ ਦਾ ਕਰਜ਼ਾ ਮਾਫ਼ ਕਰਨ ਪ੍ਰਤੀ ਵੀ ਵਚਨਬੱਧਤਾ ਜ਼ਾਹਰ ਕੀਤੀ ਹੈ, ਜਿਸ ਤਹਿਤ ਇਸ ਸਕੀਮ ਦਾ ਉਨ੍ਹਾਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਦਸਿਆ ਕਿ ਤੀਜੇ ਪੜਾਅ ਵਿਚ ਸਹਿਕਾਰੀ ਬੈਂਕਾਂ ਨਾਲ ਜੁੜੇ 2.15 ਲੱਖ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹਈਆ ਕਰਵਾਈ ਜਾਵੇਗੀ ਜਦਕਿ ਚੌਥੇ ਪੜਾਅ ਵਿਚ ਵਪਾਰਕ ਬੈਂਕਾਂ ਦੇ 50752 ਛੋਟੇ ਕਿਸਾਨਾਂ ਦਾ ਕਰਜ਼ਾ ਮਾਫ਼ ਹੋਵੇਗਾ।