ਵਿਜੀਲੈਂਸ ਬਿਊਰੋ ਨੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ

ਏਜੰਸੀ

ਖ਼ਬਰਾਂ, ਪੰਜਾਬ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਬਿਊਰੋ ਦੀ ਤਕਨੀਕੀ ਟੀਮ ਨੇ...

The Vigilance Bureau has arrested the former Sarpanch and Panchayat Secretary on the charge of misuse of funds

 

ਚੰਡੀਗੜ੍ਹ, 25 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪਿੰਡ ਵੈਰੋਵਾਲ ਬਾਵਿਆ, ਬਲਾਕ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਅਤੇ ਪੰਚਾਇਤ ਸਕੱਤਰ ਬਲਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਬਿਊਰੋ ਦੀ ਤਕਨੀਕੀ ਟੀਮ ਨੇ ਗ੍ਰਾਮ ਪੰਚਾਇਤ ਵੈਰੋਵਾਲ ਬਾਵਿਆ, ਜ਼ਿਲ੍ਹਾ ਤਰਨਤਾਰਨ ਨੂੰ ਸਾਲ 2013 ਅਤੇ 2017 ਦੌਰਾਨ ਪ੍ਰਾਪਤ ਹੋਏ ਵਿਕਾਸ ਫੰਡਾਂ ਵਿੱਚ ਹੋਏ ਗਬਨ ਸਬੰਧੀ ਜਾਂਚ ਕੀਤੀ ਹੈ। ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਚੈਕ ਪੀਰੀਅਡ ਦੌਰਾਨ ਗ੍ਰਾਮ ਪੰਚਾਇਤ ਨੂੰ ਕੁੱਲ 47,47,373 ਰੁਪਏ ਦੇ ਸਰਕਾਰੀ ਫੰਡ ਪ੍ਰਾਪਤ ਹੋਏ ਜਦਕਿ ਪਿੰਡ ਦੀ ਪੰਚਾਇਤੀ ਸ਼ਾਮਲਾਟ ਜ਼ਮੀਨ 'ਤੇ ਠੇਕੇ ਤੋਂ 24,75,000 ਰੁਪਏ ਪ੍ਰਾਪਤ ਹੋਏ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਾਂਕਣ ਸਮੇਂ ਦੌਰਾਨ ਉਕਤ ਪੰਚਾਇਤ ਨੂੰ ਕੁੱਲ ਰਾਸ਼ੀ 72,22,373 ਰੁਪਏ ਪ੍ਰਾਪਤ ਹੋਈ ਜਦਕਿ 63,62,522 ਰੁਪਏ ਖਰਚ ਕੀਤੇ। ਜਿਸ ਤੋਂ ਪਤਾ ਲੱਗਦਾ ਹੈ ਕਿ ਸਾਬਕਾ ਸਰਪੰਚ ਗੁਰਜੀਤ ਸਿੰਘ ਨੇ ਪੰਚਾਇਤ ਸਕੱਤਰ ਬਲਰਾਜ ਸਿੰਘ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਫੰਡਾਂ ਵਿੱਚ 8,59,851 ਲੱਖ ਰੁਪਏ ਦਾ ਗਬਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ: ਮਾਨ ਸਰਕਾਰ ਨੇ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਖ਼ਰੀਦੀਆਂ 25 ਲੱਖ ਖ਼ੁਰਾਕਾਂ: ਲਾਲਜੀਤ ਸਿੰਘ ਭੁੱਲਰ

ਇਸ ਸਬੰਧ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈਪੀਸੀ ਦੀ ਧਾਰਾ 409, 420, 467, 468, 471, 201, 102-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।