ਵਿਧਾਨ ਸਭਾ ਵਿਚ ਬੋਲੇ ਕੈਪਟਨ, ਕਿਸੇ ਵੀ ਕੀਮਤ 'ਤੇ ਬੰਦ ਨਹੀਂ ਹੋਣ ਦਿਤਾ ਜਾਵੇਗਾ ਕਰਤਾਰਪੁਰ ਲਾਂਘਾ!

ਏਜੰਸੀ

ਖ਼ਬਰਾਂ, ਪੰਜਾਬ

ਮਾਮਲੇ 'ਤੇ ਸਿਆਸਤ ਕਰ ਰਹੀ ਹੈ ਵਿਰੋਧੀ ਧਿਰ

file photo

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਕਰਤਾਰਪੁਰ ਲਾਘੇ 'ਤੇ ਦਿਤੇ ਵਿਵਾਦਿਤ ਬਿਆਨ ਦਾ ਮੁਖਲਾਫ਼ਤ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਡੀਜੀਪੀ ਦੇ ਬਿਆਨ 'ਤੇ ਸਫ਼ਾਈ ਦਿਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਘੇ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਹੋਣ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਂਘੇ ਦੀ ਸਫ਼ਲਤਾ ਲਈ ਪੰਜਾਬ ਸਰਕਾਰ ਅਪਣਾ ਬਣਦਾ ਯੋਗਦਾਨ ਪਾਉਂਦੀ ਰਹੇਗੀ।

ਡੀਜੀਪੀ ਦਿਨਕਰ ਗੁਪਤਾ ਨੂੰ ਉਨ੍ਹਾਂ ਦੇ ਵਿਵਾਦਿਤ ਬਿਆਨ ਕਾਰਨ ਮੁਅੱਤਲ ਕਰਨ ਦੀ ਵਿਰੋਧੀ ਧਿਰ ਦੀ ਮੰਗ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਡੀਜੀਪੀ ਵਲੋਂ ਇਸ ਬਿਆਨ ਸਬੰਧੀ ਮੁਆਫ਼ੀ ਮੰਗ ਲਈ ਗਈ ਹੈ ਪਰ ਵਿਰੋਧੀ ਧਿਰ ਵਲੋਂ ਇਸ ਨੂੰ ਸਿਆਸੀ ਲਾਹਾ ਲੈਣ ਖ਼ਾਤਰ ਉਛਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗ਼ਲਤੀ ਕਿਸੇ ਕੋਲੋਂ ਵੀ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡੀਜੀਪੀ ਦੀਆਂ ਟਿੱਪਣੀਆਂ ਨੂੰ ਟਾਲਿਆ ਵੀ ਜਾ ਸਕਦਾ ਸੀ।

ਉਨ੍ਹਾਂ ਕਿਹਾ ਕਿ ਗੁਆਢੀ ਮੁਲਕ ਦੀਆਂ ਦੁਸ਼ਮਣੀ ਵਾਲੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਦੇਸ਼ ਦੀ ਸੁਰੱਖਿਆ ਬਾਰੇ ਚਿੰਤਾਵਾਂ ਨੂੰ ਧਿਆਨ ਵਿਚ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਲੰਮੇ ਸਮੇਂ ਦੀਆਂ ਅਰਦਾਸਾਂ ਬਾਅਦ ਖੁਲ੍ਹੇ ਲਾਘੇ ਨੂੰ ਲੈ ਕੇ ਸਭ ਖ਼ੁਸ਼ ਹਨ ਪਰ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਵੀ ਹਨ ਜਿਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੀ ਮਨਸ਼ਾ ਠੀਕ ਨਹੀਂ ਹੈ। ਪਾਕਿਸਤਾਨ ਸਰਕਾਰ ਆਈਐਸਆਈ ਰਾਹੀਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਜਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਗੁਆਢੀ ਮੁਲਕ ਦੀਆਂ ਅਜਿਹੀਆਂ ਕਰਵਾਈਆਂ ਨੂੰ ਕਿਸੇ ਵੀ ਹਾਲਤ ਵਿਚ ਸਫ਼ਲ ਨਹੀਂ ਹੋਣ ਦਿਤਾ ਜਾਵੇਗਾ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਲੱਗੇ ਦੋਸ਼ਾਂ ਦਾ ਬਚਾਅ ਕਰਦਿਆਂ ਉਨ੍ਹਾਂ ਕਿਹਾ ਕਿ ਅਦਾਲਤ ਨੇ ਭਾਰਤ ਭੂਸ਼ਣ ਨੂੰ 1992 ਵਿਚ ਅਤਿਵਾਦੀਆਂ ਨੂੰ ਪਨਾਹ ਦੇਣ ਕਰ ਕੇ ਟਾਡਾ ਕੇਸ ਨੂੰ ਪਹਿਲਾ ਹੀ ਬੰਦ ਕਰ ਦਿਤਾ ਸੀ।

ਉਨ੍ਹਾਂ ਕਿਹਾ ਕਿ ਮੁਅੱਤਲ ਡੀਐਸਪੀ ਖਿਲਾਫ਼ ਜਾਂਚ ਚੱਲ ਰਹੀ ਹੈ। ਜਾਂਚ 'ਚ ਦੋਸ਼ੀ ਪਾਏ ਜਾਣ ਦੀ ਸੂਰਤ ਵਿਚ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੈਪਟਨ ਵਲੋਂ 25 ਸਾਲਾ ਪੁਰਾਣੇ ਟਾਡਾ ਕੇਸ ਬਾਰੇ ਵਿਚਾਰ ਵਟਾਂਦਰੇ ਦੀ ਲੋੜ ਨਾ ਹੋਣ ਬਾਰੇ ਕਹਿਣ ਤੋਂ ਬਾਅਦ ਆਪ ਅਤੇ ਅਕਾਲੀ ਵਿਧਾਇਕਾਂ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ਼ ਖੋਲ੍ਹੇ 25 ਸਾਲ ਪੁਰਾਣੇ ਕੇਸ ਦੀ ਯਾਦ ਦਿਵਾ ਕੇ ਮੁੱਖ ਮੰਤਰੀ ਨੂੰ ਘੇਰਣ ਦੀ ਕੋਸ਼ਿਸ਼ ਕੀਤੀ।

ਇਸੇ ਦੌਰਾਨ ਕੈਬਨਿਟ ਮੰਤਰੀ ਸਖਜਿੰਦਰ ਰੰਧਾਵਾ ਨੇ ਸਵਾਲ ਕੀਤਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਆਸ਼ੂ ਦਾ ਕੇਸ ਕਿਉਂ ਨਹੀਂ ਖੋਲ੍ਹਿਆ ਗਿਆ। ਇਸ ਤੋਂ ਬਾਅਦ ਅਕਾਲੀ ਦਲ ਅਤੇ ਆਪ ਵਿਧਾਇਕਾਂ ਨੇ ਆਸ਼ੂ ਦੇ ਬਕਾਇਆ ਕੇਸਾਂ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਮਾਰਚ ਕੀਤਾ।