ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਡੀ.ਸੀਜ਼ ਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ
ਅਲਾਟ ਕੀਤੀਆਂ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼, ਗ਼ੈਰ ਕਾਨੂੰਨੀ ਮਾਈਨਿੰਗ ਲਈ ਐਸ.ਐਸ.ਪੀ. ਸਿੱਧੇ ਤੌਰ ’ਤੇ ਹੋਣਗੇ ਜ਼ਿੰਮੇਵਾਰ
ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ।
ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸਟ ਤੌਰ’ਤੇ ਕਿਹਾ ਹੈ ਕਿ ਇਹ ਗੱਲ ਸਾਫ ਹੈ ਕਿ ਪੰਜਾਬ ਸਰਕਾਰ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ।ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸਟ ਹੋ ਸਕੇ ਕਿ ਮਾਈਨਿੰਗ ਇਨਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।
ਇਸ ਤੋਂ ਇਲਾਵਾ ਐਸ.ਐਸ.ਪੀਜ ਨੂੰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲੇ ਵਿੱਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਗਿਆ ਹੈ ਤਾਂ ਜੋ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ। ਪਰ ਫਿਰ ਵੀ ਜੇਕਰ ਕੋਈ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿਮੇਵਾਰੀ ਸਬੰਧਤ ਐਸਐਸਪੀ ਦੀ ਹੋਵੇਗੀ। ਸਾਰੇ ਡਿਪਟੀ ਕਮਿਸਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਠੱਲ ਪਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਹੁਲਾਰਾ ਮਿਲੇਗਾ।