ਹੁਣ ਪੰਜਾਬ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭ੍ਰਿਸ਼ਟਾਚਾਰ - CM ਭਗਵੰਤ ਮਾਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਜੇਕਰ ਕੋਈ ਰਿਸ਼ਵਤ ਮੰਗਦਾ ਫੜ੍ਹਿਆ ਗਿਆ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ 

CM Bhagwant Mann

ਚੰਡੀਗੜ੍ਹ : ਸੂਬੇ ਵਿਚ 'ਮਾਨ' ਸਰਕਾਰ ਲਗਾਤਾਰ ਐਕਸ਼ਨ ਮੋਡ ਵਿਚ ਹੈ। ਸੱਤਾ ਵਿਚ ਆਉਂਦਿਆਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੱਡੇ ਫ਼ੈਸਲੇ ਲਏ ਗਏ ਹਨ ਭਾਵੇਂ ਉਹ ਰਿਸ਼ਵਤਖੋਰੀ ਨੂੰ ਨਕੇਲ ਪਾਉਣ ਲਈ ਹੋਣ ਜਾਂ ਸੂਬੇ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਲਏ ਗਏ ਹੋਣ।

ਇਸ ਸਬੰਧ ਵਿਚ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿਤੀ ਹੈ ਕਿ ਉਨ੍ਹਾਂ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਾਰੀ ਕੀਤੇ ਐਂਟੀ-ਕੁਰੱਪਸ਼ਨ ਹੈਲਪਲਾਈਨ 'ਤੇ ਇੱਕ ਸ਼ਿਕਾਇਤ ਮਿਲੀ ਹੈ ਜਿਸ ਤਹਿਤ ਕਾਰਵਾਈ ਦੇ ਹੁਕਮ ਦੇ ਦਿਤੇ ਗਏ ਹਨ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ, ''ਸਾਡੇ ਵਲੋਂ ਜਾਰੀ ਐਂਟੀ-ਕੁਰੱਪਸ਼ਨ ਹੈਲਪਲਾਈਨ 'ਤੇ ਮੈਨੂੰ ਇੱਕ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਹੁਕਮ ਦਿੱਤੇ ਗਏ ਹਨ। ਰਿਸ਼ਵਤ ਮੰਗਦੇ ਫੜ੍ਹੇ ਗਏ ਵਿਅਕਤੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।''

ਜ਼ਿਕਰਯੋਗ ਹੈ ਕਿ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਇਕ ਮਹੀਨੇ ਵਿੱਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਅਹਿਦ ਲਿਆ। ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।