ਲੰਗਾਹ ਨੂੰ ਮਿਲਣ ਤੋਂ ਗੁਰੇਜ਼ ਕਰਨ ਸਿੱਖ ਸੰਗਤਾਂ, ਅਜਿਹਾ ਨਾ ਕਰਨਾ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੰਗਾਹ ਦੀਆਂ ਸਿਆਸੀ ਸਰਗਰਮੀਆਂ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਇਆ ਇਹ ਹੁਕਮ

Sucha Singh Langah

ਅੰਮ੍ਰਿਤਸਰ: ਬਲਾਤਕਾਰ ਦੇ ਦੋਸ਼ ਲੱਗਣ ਮਗਰੋਂ ਪੰਥ ਵਿਚੋਂ ਛੇਕੇ ਗਏ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ’ਤੇ ਵੱਡੇ ਪੱਧਰ ’ਤੇ ਇਤਰਾਜ਼ ਉਠਣ ਤੋਂ ਬਾਅਦ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਹਦਾਇਤ ਕੀਤੀ ਹੈ ਕਿ ਪੰਥ ਵਿਚੋਂ ਛੇਕੇ ਵਿਅਕਤੀ ਸੁੱਚਾ ਸਿੰਘ ਲੰਗਾਹ, ਹਰਨੇਕ ਸਿੰਘ ਨਿਊਜ਼ੀਲੈਂਡ ਤੇ ਅਜਿਹੇ ਹੋਰਨਾਂ ਵਿਅਕਤੀਆਂ ਨਾਲ ਮਿਲਵਰਤਨ ਤੋਂ ਗੁਰੇਜ਼ ਕੀਤਾ ਜਾਵੇ ਤੇ ਅਜਿਹਾ ਨਾ ਕਰਨਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ।

ਜ਼ਿਕਰਯੋਗ ਹੈ ਕਿ ਬਲਾਤਕਾਰ ਦੇ ਦੋਸ਼ ਲੱਗਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਕਾਫ਼ੀ ਸਰਗਰਮ ਹੈ। ਹਾਲਾਂਕਿ ਦੋਸ਼ ਲੱਗਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਲੰਗਾਹ ਨੂੰ ਪਾਰਟੀ ਵਿਚੋਂ ਬਾਹਰ ਕਰ ਦਿਤਾ ਸੀ ਪਰ ਇਸ ਦੇ ਬਾਵਜੂਦ ਲੰਗਾਹ ਅਕਾਲੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਿਹਾ ਹੈ। ਇਸ ਸਬੰਧ ਵਿਚ ਡੇਰਾ ਬਾਬਾ ਨਾਨਕ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੁੱਚਾ ਸਿੰਘ ਵਿਰੁਧ ਮੰਗ ਪੱਤਰ ਦਿਤਾ ਸੀ।

ਮੰਗ ਪੱਤਰ ’ਤੇ ਤੁਰਤ ਕਾਰਵਾਈ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਹਦਾਇਤ ਜਾਰੀ ਕੀਤੀ। ਇਹ ਵੀ ਦੱਸ ਦਈਏ ਕਿ ਲੰਗਾਹ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦਾ ਵਿਧਾਇਕ ਰਹਿ ਚੁੱਕਾ ਹੈ ਤੇ ਹੁਣ ਫਿਰ ਇਕ ਵਾਰ ਉਹ ਇਸੇ ਸੀਟ ਉਤੇ ਪਾਰਟੀ ਲਈ ਪ੍ਰਚਾਰ ਕਰ ਰਿਹਾ ਹੈ। ਡੇਰਾ ਬਾਬਾ ਨਾਨਕ ਵਿਧਾਨ ਸਭਾ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਅੰਦਰ ਆਉਂਦਾ ਹੈ। ਪੰਜਾਬ ਸਰਕਾਰ ‘ਚ ਮੰਤਰੀ ਸੁਖਜਿੰਦਰ ਰੰਧਾਵਾ ਇਸ ਸੀਟ ਤੋਂ ਮੌਜੂਦਾ ਵਿਧਾਇਕ ਹਨ।