ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਭਲਕੇ, ਸੁਨੀਲ ਜਾਖੜ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਵਾਦਤ ਬਿਆਨ ਨੂੰ ਲੈ ਕੇ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਂਡ ਦੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ, ਉਹਨਾਂ ਨੂੰ ਜਵਾਬ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ।

Sunil Jakhar


ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਭਲਕੇ ਵੱਡੀ ਕਾਰਵਾਈ ਹੋ ਸਕਦੀ ਹੈ। ਮੰਗਲਵਾਰ ਨੂੰ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਹੋ ਰਹੀ ਹੈ। ਦਰਅਸਲ ਵਿਵਾਦਤ ਬਿਆਨ ਨੂੰ ਲੈ ਕੇ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਂਡ ਦੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ, ਉਹਨਾਂ ਨੂੰ ਜਵਾਬ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ।

Sunil Jakhar

ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਜੇਪੀ ਅਗਰਵਾਲ ਨੇ ਕਿਹਾ ਕਿ ਜਾਖੜ ਦੇ ਮੁੱਦੇ 'ਤੇ ਮੰਗਲਵਾਰ ਨੂੰ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਦੇ ਬਿਆਨ ਬਾਰੇ ਫੈਸਲਾ ਲਿਆ ਜਾਵੇਗਾ। ਸੁਨੀਲ ਜਾਖੜ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਲੱਗੇ ਸਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਹਨਾਂ ਦੀ ਸ਼ਿਕਾਇਤ ਕੀਤੀ ਸੀ।

Sunil Jakhar

ਹਾਲਾਂਕਿ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਉਹਨਾਂ ਨੇ ਕਦੇ ਵੀ ਦਲਿਤ ਸਮਾਜ ਵਿਰੁੱਧ ਕੋਈ ਇਤਰਾਜ਼ਯੋਗ ਭਾਸ਼ਾ ਨਹੀਂ ਵਰਤੀ। ਜੇਕਰ ਉਹਨਾਂ ਦੇ ਕਿਸੇ ਵੀ ਸ਼ਬਦ ਨਾਲ ਸਮਾਜ ਦੇ ਲੋਕਾਂ ਨੂੰ ਠੇਸ ਪਹੁੰਚੀ ਹੈ ਜਾਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਬੀਤੇ ਦਿਨੀਂ ਸੁਨੀਲ ਜਾਖੜ ਨੇ ਵਾਰਾਣਸੀ ਵਿਖੇ ਸੰਤ ਰਵਿਦਾਸ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋ ਕੇ ਵੀ ਅਪਣੇ ਬਿਆਨ ਨੂੰ ਲੈ ਕੇ ਸਫਾਈ ਦਿੱਤੀ ਸੀ।