ਪੰਜਾਬ ਵਿਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਚੀਮਾ
ਨਵੀਂ ਆਬਕਾਰੀ ਨੀਤੀ ਬਣਾਉਣ ਲਈ ਸਬੰਧਿਤ ਧਿਰਾਂ ਅਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ। ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਨੁਮਾਇੰਦਿਆਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਤ ਭਾਈਵਾਲਾਂ ਤੋਂ ਸੁਝਾਅ ਮੰਗੇ।
Harpal Singh Cheema
ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ। ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਣੀ ਹੈ ਅਤੇ ਉਹ ਇਸ ਇਰਾਦੇ ਦੀ ਪੂਰਤੀ ਲਈ ਵਚਨਬੱਧ ਅਤੇ ਦ੍ਰਿੜ੍ਹ ਹਨ। ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰ ਕੀਤੀ ਜਾ ਰਹੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
Harpal Cheema
ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ 'ਤੇ ਹੋਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਕਰ ਕੇ.ਏ.ਪੀ. ਸਿਨਹਾ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।