ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਹੋਈ ਢਹਿ ਢੇਰੀ, ਸੂਬੇ ਵਿਚ ਜੰਗਲਰਾਜ ਲਈ ‘ਆਪ’ ਜ਼ਿੰਮੇਵਾਰ : ਰਾਜਾ ਵੜਿੰਗ

ਏਜੰਸੀ

ਖ਼ਬਰਾਂ, ਪੰਜਾਬ

'ਆਪ' ਪੰਜਾਬ ਨੂੰ ਮੁੜ ਖਾੜਕੂਵਾਦ ਦੇ ਕਾਲੇ ਦੌਰ ਵੱਲ ਧੱਕ ਰਹੀ ਹੈ: ਵੜਿੰਗ 

Law and order in Punjab has collapsed badly - Raja Waring

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਨਕੋਦਰ ਦੇ ਪਿੰਡ ਊਧੋਵਾਲ ਵਿਖੇ ਗੋਲੀ ਮਾਰ ਕੇ ਕਤਲ ਕੀਤੀ ਗਈ ਮਰਹੂਮ ਗੁਰਬਖਸ਼ ਕੌਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਵੜਿੰਗ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਘਟਨਾ ਵਿੱਚ ਜ਼ਖਮੀ ਹੋਏ ਮ੍ਰਿਤਕ ਦੇ ਪੁੱਤਰ ਨੂੰ ਮਿਲਣ ਲਈ ਹਸਪਤਾਲ ਵੀ ਗਏ। 

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਵਿਗੜ ਜਾਣਾ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਹੁੰਦੇ ਕਤਲ ਸੂਬਾ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰਦੇ ਹਨ ਜੋ ਆਪਣੀਆਂ ਜਾਅਲੀ ਪ੍ਰਾਪਤੀਆਂ 'ਤੇ ਮਾਣ ਕਰਦੀ ਹੈ ਅਤੇ 'ਸਾਡਾ ਕਾਮ ਬੋਲਦਾ' ਮੁਹਿੰਮ ਰਾਹੀਂ ਆਪਣੇ ਝੂਠੇ ਦਾਅਵਿਆਂ ਨੂੰ ਪ੍ਰਮਾਣਿਤ ਕਰਨ ਲਈ ਜਨਤਾ ਦੇ ਪੈਸੇ ਦੀ ਬਰਬਾਦੀ ਕਰਦੀ ਹੈ।

ਪੰਜਾਬ ਦੇ ਲੋਕਾਂ ਨੇ ‘ਬਦਲਾਅ’ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਪਰ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ। ਲੋਕਾਂ ਨੇ ਇੱਕ ਸੁਰੱਖਿਅਤ ਪੰਜਾਬ ਲਈ ਵੋਟ ਦਿੱਤੀ ਸੀ ਪਰ 'ਆਪ' ਨੇ ਸੂਬੇ ਨੂੰ ਕਾਲੇ ਦੌਰ ਵੱਲ ਧੱਕ ਦਿੱਤਾ ਹੈ। ਲੋਕ ਨਾ ਤਾਂ ਆਪਣੇ ਘਰਾਂ ਵਿੱਚ ਸੁਰੱਖਿਅਤ ਹਨ ਅਤੇ ਨਾ ਬਾਹਰ। ਸੂਬਾ ਪ੍ਰਧਾਨ ਨੇ ਕਿਹਾ ਕਿ ਇੱਕ ਮਜ਼ਬੂਤ ​​ਸਰਕਾਰ ਦੀ ਅਣਹੋਂਦ ਕਾਰਨ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਮਾਫੀਆ, ਗੈਂਗਸਟਰ ਅਤੇ ਸਮਾਜ ਵਿਰੋਧੀ ਤੱਤ ਹੀ ਇੱਥੇ ਰਾਜ ਕਰ ਰਹੇ ਹਨ। 

ਆਮ ਆਦਮੀ ਪਾਰਟੀ ਦੇ ਮਾੜੇ ਸ਼ਾਸਨ ਦੀ ਜ਼ੋਰਦਾਰ ਆਲੋਚਨਾ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਕਤਲੇਆਮ ਬਹੁਤ ਹੀ ਆਮ ਹੋ ਗਿਆ ਹੈ। ਪ੍ਰਧਾਨ ਨੇ ਅੱਗੇ ਕਿਹਾ ਕਿ  “ਮੈਂ ਭਗਵੰਤ ਮਾਨ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਨਾ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਹੁਣ ਸਥਿਤੀ ਹੱਥਾਂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਸਖ਼ਤ ਕਦਮ ਚੁੱਕਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਨੂੰ ਆਪਣੇ ਮਾਲਕਾਂ ਦੇ ਪਿੱਛੇ ਭੱਜਣ ਅਤੇ ਪੰਜਾਬ ਦੇ ਵਸਨੀਕਾਂ ਦੀਆਂ ਜ਼ਿੰਦਗੀਆਂ ਦਾਅ 'ਤੇ ਲਗਾਉਣ ਦੀ ਬਜਾਏ, ਸੂਬੇ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।