ਸ਼੍ਰੋਮਣੀ ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ’ਚ ਬਰਖ਼ਾਸਤ ਕੀਤਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ ਆਦੇਸ਼ ਪ੍ਰਤਾਪ ਸਿੰਘ ਕੈਰੋਂ
ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਦੋਸ਼ ’ਚ ਤੁਰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿਤਾ ਹੈ।
ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਮਰਹੂਮ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ। ਕੈਰੋਂ ਪ੍ਰਕਾਸ਼ ਸਿੰਘ ਬਾਦਲ ਸਰਕਾਰ ’ਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਨ।
ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ। ਇਹ ਕਾਰਵਾਈ ਖਡੂਰ ਸਾਹਿਬ ਤੋਂ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਰਸਾ ਸਿੰਘ ਬਲਟੋਹਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੋਤੇ ਆਦੇਸ਼ ਪ੍ਰਤਾਪ ਸਿੰਘ ਪੱਟੀ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਹਨ। ਹਾਲਾਂਕਿ, ਉਹ 2017 ਅਤੇ 2022 ਦੀਆਂ ਚੋਣਾਂ ਹਾਰ ਗਏ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।