ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਭਾਗ ਵਲੋਂ ਹਾਊਸਿੰਗ ਵਿੰਗ ’ਚ ਵੱਖ-ਵੱਖ ਅਹੁਦਿਆਂ ’ਤੇ ਭਰਤੀ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ : ਸਰਕਾਰੀਆ

Recruitment drive in Town and Country Planning wing of Housing Dept

ਚੰਡੀਗੜ੍ਹ: ਘਰ-ਘਰ ਰੋਜ਼ਗਾਰ ਯੋਜਨਾ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਅਪਣੇ ਹਾਊਸਿੰਗ ਵਿੰਗ ਵਿਚ ਵੱਖ ਵੱਖ ਅਹੁਦਿਆਂ ’ਤੇ ਭਰਤੀ ਸ਼ੁਰੂ ਕਰ ਦਿਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਵਿਭਾਗ ਦੇ ਕੰਮ-ਕਾਜ ਵਿਚ ਹੋਰ ਤੇਜ਼ੀ ਲਿਆਉਣ ਅਤੇ ਕਾਰਜ ਕੁਸ਼ਲਤਾ ਵਧਾਉਣ ਲਈ ਇਹ ਭਰਤੀ ਮੁਹਿੰਮ ਬੇਹੱਦ ਜ਼ਰੂਰੀ ਸੀ ਕਿਉਂਕਿ ਪਿਛਲੇ ਕੁਝ ਸਾਲਾਂ ਦੌਰਾਨ ਵੱਖ ਵੱਖ ਅਹੁਦਿਆਂ ’ਤੇ ਕੰਮ ਕਰਦੇ ਬਹੁਤ ਸਾਰੇ ਅਧਿਕਾਰੀ ਸੇਵਾਮੁਕਤ ਹੋ ਚੁੱਕੇ ਹਨ।

Sukhbinder Singh Sarkaria

ਉਨ੍ਹਾਂ ਦੱਸਿਆ ਕਿ ਸਹਾਇਕ ਸ਼ਹਿਰੀ ਯੋਜਨਾਕਾਰ (ਏਟੀਪੀ) ਅਤੇ ਯੋਜਨਾਬੰਦੀ ਅਧਿਕਾਰੀ ਦੇ ਅਹੁਦਿਆਂ ਲਈ ਭਰਤੀ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਵਿਕਾਸ ਵਿਚ ਯੋਜਨਾਬੰਦੀ ਦੀ ਮਹੱਤਤਾ ਨੂੰ ਦੇਖਦਿਆਂ ਇਨ੍ਹਾਂ ਅਹੁਦਿਆਂ ਨੂੰ ਭਰਨਾ ਬੇਹੱਦ ਜ਼ਰੂਰੀ ਸੀ ਅਤੇ ਇਹ ਭਰਤੀ ਮੁਹਿੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ। ਸਰਕਾਰੀਆ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਚੁਣੇ ਗਏ 12 ਸਹਾਇਕ ਸ਼ਹਿਰੀ ਯੋਜਨਾਕਾਰਾਂ ਦੀ ਇਕ ਸੂਚੀ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ।

13 ਸਹਾਇਕ ਸ਼ਹਿਰੀ ਯੋਜਨਾਕਾਰਾਂ ਦਾ ਅਗਲਾ ਬੈਚ, ਜਿਸ ਦੀ ਇੰਟਰਵਿਊ ਪ੍ਰਕਿਰਿਆ ਸਮਾਪਤ ਹੋ ਚੁੱਕੀ ਹੈ, ਜਲਦੀ ਵਿਭਾਗ ਵਿਚ ਜੁਆਇਨ ਕਰਨਗੇ। ਇਸ ਤੋਂ ਇਲਾਵਾ ਚੁਣੇ ਗਏ 32 ਯੋਜਨਾਬੰਦੀ ਅਧਿਕਾਰੀਆਂ ਦੀ ਸੂਚੀ ਵੀ ਵਿਭਾਗ ਨੂੰ ਪ੍ਰਾਪਤ ਹੋਈ ਹੈ, ਜਿਨ੍ਹਾਂ ਦੀ ਨਿਯੁਕਤੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਅਤੇ ਜਲਦ ਹੀ ਇਹ ਅਧਿਕਾਰੀ ਵੀ ਜੁਆਇਨ ਕਰ ਲੈਣਗੇ। ਉਨ੍ਹਾਂ ਕਿਹਾ ਕਿ ਜਦੋਂ ਇਹ ਅਧਿਕਾਰੀ ਅਹੁਦੇ ਸੰਭਾਲ ਲੈਣਗੇ ਤਾਂ ਵਿਭਾਗ ਦੇ ਕੰਮ ਕਾਜ ਵਿਚ ਹੋਰ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਦਾ ਲਾਭ ਲੈਣ ਵਿਚ ਸੁਵਿਧਾ ਹੋਵੇਗੀ।

Punjab Government

ਸਰਕਾਰੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਘਰ-ਘਰ ਰੋਜ਼ਗਾਰ ਦੇਣ ਦੀ ਵਚਨਬੱਧਤਾ ਪ੍ਰਤੀ ਤੇਜ਼ੀ ਨਾਲ ਕੰਮ ਕਰ ਰਹੀ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਵਿਭਾਗ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਇਹ ਭਰਤੀ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਗਿਣਤੀ ਵਧਣ ਨਾਲ ਆਮ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਹੁਣ ਹੋਰ ਬਿਹਤਰ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਸਕਣਗੀਆਂ।