ਕੇਂਦਰੀ ਖੇਤੀ ਆਰਡੀਨੈਂਸਾਂ ਵਿਰੁਧ ਭਾਜਪਾ ਨੂੰ ਛੱਡ ਬਾਕੀ ਸੱਭ ਦਲ ਹੋਏ ਇਕਜੁੱਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਸਰਬ ਪਾਰਟੀ ਮੀਟਿੰਗ

File Photo

ਚੰਡੀਗੜ੍ਹ, 24 ਜੂਨ (ਗੁਰਉਪਦੇਸ਼ ਭੁੱਲਰ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਤ ਪਿਛਲੇ ਦਿਨਾਂ ਵਿਚ ਜਾਰੀ 3 ਆਰਡੀਨੈਂਸਾਂ ਦੇ ਮੁੱਦੇ ’ਤੇ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਅਕਾਲੀ-ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਨੇ ਕੇਂਦਰ ਸਰਕਾਰ ਤੋਂ ਇਹ ਆਰਡੀਨੈਂਸ ਤੁਰਤ ਵਾਪਸ ਲੈਣ ਦੀ ਮੰਗ ਕੀਤੀ ਅਤੇ ਪੰਜਾਬ ਦੇ ਕਿਸਾਨਾਂ ਤੇ ਹਿਤਾਂ ਲਈ ਇਕਜੁੱਟ ਹੋ ਕੇ ਮੁਹਿੰਮ ਚਲਾਉਣ ’ਤੇ ਸਹਿਮਤੀ ਜਤਾਈ ਹੈ। ਇਹ ਮੀਟਿੰਗ ਚੀਨ ਸਰਹੱਦ ’ਤੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਨਾਲ ਸ਼ੁਰੂ ਹੋਈ।

ਅਕਾਲੀ-ਭਾਜਪਾ ਨੇ ਬਾਕੀ ਸਾਰੀਆਂ ਪਾਰਟੀਆਂ ਦੀ ਇਕਜੁੱਟਤਾ ਨੂੰ ਵੇਖਦੇ ਹੋਏ ਫਸੇ ਹੋਏ ਨਜ਼ਰ ਆਏ ਅਤੇ ਮੀਟਿੰਗ ਵਿਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐਲਾਨ ਕਰਨਾ ਪਿਆ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਅਤੇ ਫੈਡਰਲ ਢਾਂਚੇ ਦੀ ਰਾਖੀ ਲਈ ਵਚਨਬੱਧ ਹਨ। ਕੇਂਦਰ ਦੀ ਵਜ਼ੀਰੀ ਜਾਂ ਹੋਰ ਕੁੱਝ ਵੀ ਉਨ੍ਹਾਂ ਲਈ ਕਿਸਾਨਾਂ ਤੋਂ ਉਪਰ ਨਹੀਂ ਅਤੇ ਉਹ ਹਰ ਕੁਰਬਾਨੀ ਕਰਨ ਲਈ ਤਿਆਰ ਹਨ। ਨਾਲ ਹੀ ਉਨ੍ਹਾਂ ਕਾਂਗਰਸ ਉਪਰ ਆਰਡੀਨੈਂਸਾਂ ਨੂੰ ਲੈ ਕੇ ਗ਼ਲਤ ਪ੍ਰਚਾਰ ਕਰਨ ਦਾ ਦੋਸ਼ ਲਾਉਂÎਦਿਆਂ ਕਿਹਾ ਕਿ ਇਨ੍ਹਾਂ ਵਿਚ ਐਮ.ਐਸ.ਪੀ. ਖ਼ਤਮ ਕਰਨ ਦਾ ਕੋਈ ਪ੍ਰਾਵਧਾਨ ਹੀ ਨਹੀਂ।

ਉਨ੍ਹਾਂ ਡੀਜ਼ਲ ਅਤੇ ਪਟਰੌਲ ਰੇਟ ’ਚ ਵਾਧੇ ਬਾਰੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਲਾਇਆ ਭਾਰੀ ਵੈਟ ਖ਼ਤਮ ਕਰੇ। ਸੁਖਬੀਰ ਬਾਦਲ ਨਾਲ ਮੀਟਿੰਗ ਵਿਚ ਜਥੇਦਾਰ ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਸਨ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਰਡੀਨੈਂਸ ਕਿਸਾਨ ਵਿਰੋਧੀ ਨਹੀਂ ਅਤੇ ਐਮ.ਐਸ.ਪੀ. ਜਾਰੀ ਰਹੇਗੀ। ਕਾਂਗਰਸ ਦੇ ਸੁਨੀਲ ਜਾਖੜ ਨੇ ਕਿਹਾ ਹੈ ਕਿ ਤਿੰਨੇ ਆਰਡੀਨੈਂਸ ਤੁਰਤ ਰੱਦ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੋਗਲੀ ਨੀਤੀ ਅਪਣਾ ਰਿਹਾ ਹੈ। 

ਇਕ ਪਾਸੇ ਆਰਡੀਨੈਂਸਾਂ ਨੂੰ ਗ਼ਲਤ ਨਹੀਂ ਕਹਿ ਰਿਹਾ ਦੂਜੇ ਪਾਸੇ ਐਮ.ਐਸ.ਪੀ. ਲਈ ਕੁਰਬਾਨੀ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸਨਾਕ ਹੈ ਕਿ ਬਾਕੀ ਸਾਰੀਆਂ ਪਾਰਟੀਆਂ ਇਕਜੁੱਟ ਹੋਣ ਦੇ ਬਾਅਦ ਅਕਾਲੀ-ਭਾਜਪਾ ਨੇ ਅੱਜ ਸਾਂਝੀ ਮੁਹਿੰਮ ਲਈ ਸਾਥ ਨਹੀਂ ਦਿਤਾ। ਇਸ ਮੀਟਿੰਗ ਵਿਚ ਸ਼ਾਮਲ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਐਮ.ਪੀ. ਭਗਵੰਤ ਮਾਨ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਸੀ.ਪੀ.ਆਈ. ਦੇ ਸੂਬਾ ਸਕੱਤਰ ਬੰਤ ਬਰਾੜ, ਸੀਨੀਅਰ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ, ਸੀ.ਪੀ.ਐਮ. ਦੇ ਸੂਬਾ ਸਕੱਤਰ ਸੁਖਵਿੰਦਰ ਸੇਖੋਂ ਨੇ ਪੰਜਾਬ ਦੇ ਕਿਸਾਨਾਂ ਲਈ ਹਾਮੀ ਭਰੀ ਅਤੇ ਆਰਡੀਨੈਂਸ ਵਾਪਸੀ ਦੀ ਮੰਗ ਦੀ ਹਮਾਇਤ ਕੀਤੀ। ਮੀਟਿੰਗ ’ਚ ਕੇਂਦਰੀ ਆਰਡੀਨੈਂਸਾਂ ਵਿਰੁਧ ਪੇਸ਼ ਮਤੇ ਦੀ ਅਕਾਲੀ-ਭਾਜਪਾ ਨੂੰ ਛੱਡ ਕੇ ਬਾਕੀ ਸੱਭ ਪਾਰਟੀਆਂ ਨੇ ਬਿਨਾਂ ਸ਼ਰਮ ਹਮਾਇਤ ਕੀਤੀ ਹੈ।