ਬਾਦਲਾਂ ਨੇ ਆਰਡੀਨੈਂਸਾਂ ਦੀ ਹਮਾਇਤ ਕਰ ਕੇ ਸੂਬੇ ਅਤੇ ਕਿਸਾਨਾਂ ਦੇ ਹਿਤਾਂ ਨਾਲ ਕੀਤੀ ਗੱਦਾਰੀ: ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਪੰਜਾਬ ਮਾਰੂ ਫ਼ੈਸਲਿਆਂ ਨੂੰ ਰੱਦ ਕਰਵਾਉਣ ਲਈ ਦ੍ਰਿੜ੍ਹ ਸੰਕਲਪ

Balbir Singh Sidhu

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਤੇ ਕਿਸਾਨ ਵਿਰੋਧੀ ਆਰਨੀਨੈਂਸਾਂ ਦੀ ਹਮਾਇਤ ਕਰ ਕੇ ਬਾਦਲ ਪਰਵਾਰ ਨੇ ਪੰਜਾਬ ਅਤੇ ਕਿਸਾਨੀ ਹਿਤਾਂ ਨਾਲ ਗੱਦਾਰੀ ਕੀਤੀ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਇਹ ਆਰਡੀਨੈਂਸ ਸੂਬਿਆਂ ਦੇ ਅਧਿਕਾਰਾਂ 'ਤੇ ਛਾਪਾ ਮਾਰਨ ਦੇ ਨਾਲ ਨਾਲ ਘੱਟੋ ਘੱਟ ਸਮਰਥਨ ਮੁੱਲ ਉਤੇ ਫ਼ਸਲਾਂ ਦੀ ਯਕੀਨੀ ਖ਼ਰੀਦ ਵਾਲੇ ਚੱਲ ਰਹੇ ਮੰਡੀਕਰਨ ਢਾਂਚੇ ਲਈ ਵੀ ਮਾਰੂ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਸ ਹਕੀਕਤ ਤੋਂ ਜਾਣੂ ਹੋਣ ਦੇ ਬਾਵਜੂਦ ਸਿਰਫ਼ ਵਜ਼ੀਰੀ ਦੇ ਲਾਲਚਵੱਸ ਕਿਸਾਨਾਂ ਨੂੰ ਪਿੱਠ ਵਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਭਾਰਤ ਦੇ ਸੰਵਿਧਾਨ ਤਹਿਤ ਸੂਬਿਆਂ ਨੂੰ ਮਿਲੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ। ਸੁਖਬੀਰ ਬਾਦਲ ਨੇ ਇਸ ਫ਼ੈਸਲੇ ਦਾ ਸਮਰਥਨ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਵੀ ਦਾਗਦਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਖੇਤੀਬਾੜੀ ਦਾ ਵਿਸ਼ਾ ਸੂਬਿਆਂ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ। ਇਸ ਲਈ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਜਾਰੀ ਕੀਤਾ ਗਿਆ ਇਹ ਆਰਡੀਨੈਂਸ ਸੰਵਿਧਾਨ ਦੀ ਮੂਲ ਭਾਵਨਾ ਦੇ ਵੀ ਵਿਰੁਧ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੇ ਰਾਜਾ ਨੂੰ ਖੁਦਮੁਖਤਿਆਰੀ ਦੇਣ ਦੇ ਅਪਣੇ ਏਜੰਡੀ ਨੂੰ ਤਿਲਾਂਜਲੀ ਦੇ ਕੇ ਮੋਦੀ ਸਰਕਾਰ ਦੀ ਹਾਂ ਵਿਚ ਹਾਂ ਮਿਲੀ ਹੋਵੇ।

ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਰਾਜ ਨੂੰ ਤੋੜਣ ਦੇ ਫ਼ੈਸਲੇ ਸਮੇਂ ਵੀ ਅਕਾਲੀ ਦਲ ਦਾ ਅਸਲੀ ਚਿਹਰਾ ਸਾਹਮਣੇ ਆਇਆ ਸੀ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਅਜਿਹੇ ਫ਼ੈਸਲਿਆਂ ਤੋਂ ਸਪੱਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਪਣੀ ਕੋਈ ਵਿਚਾਰਧਾਰਾ ਨਹੀਂ ਰਹੀ ਅਤੇ ਇਹ ਹੁਣ ਭਾਜਪਾ ਦਾ ਪਿੱਛਲੱਗ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਨੇ ਮੋਦੀ ਸਰਕਾਰ ਵਿਚ ਅਪਣੀ ਵਜ਼ੀਰੀ ਦੀ ਕਾਇਮੀ ਨੂੰ ਤਰਜੀਹ ਦੇ ਕੇ ਸਾਬਤ ਕਰ ਦਿਤਾ ਹੈ ਕਿ ਇਹ ਪਰਵਾਰ ਰਾਜ ਸੱਤਾ ਲਈ ਪੰਜਾਬ ਦੇ ਹਿਤਾਂ ਨੂੰ ਕੁਰਬਾਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦਾ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਕਿਸਾਨ ਮਾਰੂ ਇਨ੍ਹਾਂ ਫ਼ੈਸਲਿਆਂ ਨੂੰ ਰੱਦ ਕਰਵਾਉਣ ਦੀ ਮੁਹਿੰਮ ਵਿੱਢ ਕੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਵਾਂਗ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਨਹੀਂ, ਅਨੇਕਾਂ ਵਾਰ ਅਪਣਾ ਸਿਆਸੀ ਭਵਿੱਖ ਦਾਅ 'ਤੇ ਲਾ ਕੇ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਮਾਰੂ ਫ਼ੈਸਲਿਆਂ ਨੂੰ ਰੱਦ ਕਰਵਾਉਣ ਲਈ ਦ੍ਰਿੜ੍ਹ ਸੰਕਲਪ ਹਨ, ਇਸ ਲਈ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਹਰ ਪੱਧਰ 'ਤੇ ਲੜਾਈ ਲੜੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।