ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CM ਨੇ ਪੰਜਾਬ ਵਿਧਾਨ ਸਭਾ ਵਿਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ

CM pays homage to Baba Banda Singh Bahadur in Punjab Vidhan Sabha

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ ਜੋ ਕਿ ਇਸ ਮਹਾਨ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮਹਾਨ ਯੋਧੇ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਕੁਰਬਾਨੀ ਨੇ ਸਾਲ 1709 ਵਿੱਚ ਪਹਿਲੇ ਸਿੱਖ ਰਾਜ ਦੀ ਸਥਾਪਨਾ ਦੀ ਨੀਂਹ ਰੱਖੀ ਸੀ।

CM pays homage to Baba Banda Singh Bahadur in Punjab Vidhan Sabha

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ 'ਤੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਕਿਸਾਨਾਂ ਦੇ ਸੱਚੇ ਮੁਦੱਈ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ।

Baba Banda Singh Bahadur

ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਫਲਸਫੇ ਤੋਂ ਪ੍ਰੇਰਨਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਗਰੀਬ ਅਤੇ ਕਿਸਾਨ ਹਿਤੈਸ਼ੀ ਪਹਿਲਕਦਮੀਆਂ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਲਿਆਂਦਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਦੇ ਨਾਲ-ਨਾਲ ਹਜ਼ਾਰਾਂ ਬੇਗੁਨਾਹਾਂ ਦੇ ਕਤਲੇਆਮ ਦਾ ਬਦਲਾ ਲੈਣ ਲਈ ਮੁਗਲ ਗਵਰਨਰ ਵਜ਼ੀਰ ਖਾਨ ਨੂੰ ਹਰਾਇਆ ਸੀ।

CM pays homage to Baba Banda Singh Bahadur in Punjab Vidhan Sabha

ਉਨ੍ਹਾਂ ਨੇ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਵਾਨ ਸਿੱਖ ਵਜੋਂ ਆਪਣਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਸਮਰਪਿਤ ਕਰ ਦਿੱਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਅਤੇ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ।