ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਅਗਨੀਪੱਥ ਸਕੀਮ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਅਗਨੀਪੱਥ ਸਕੀਮ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ

image

 

ਚੰਡੀਗੜ੍ਹ 24 ਜੂਨ (ਭੁੱਲਰ) : ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਪੰਜਾਬ ਭਰ ਦੇ ਡੀ ਸੀ ਅਤੇ ਐਸਡੀਐਮ ਦਫ਼ਤਰਾਂ ਵਿਖੇ ਇਕੱਤਰ ਹੋ ਕੇ ਕੇਂਦਰ ਸਰਕਾਰ ਦੀ ਫ਼ੌਜ ਵਿਚ ਭਰਤੀ ਲਈ ਲਿਆਂਦੀ ਅਗਨੀਪਥ ਸਕੀਮ ਦੇ ਵਿਰੋਧ ਵਿਚ ਜ਼ਬਰਦਸਤ ਪ੍ਰਦਰਸ਼ਨ ਕੀਤੇ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ | ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਅਗਨੀਪਥ ਸਕੀਮ ਨੂੰ  ਤੁਰਤ ਵਾਪਸ ਲੈ ਕੇ ਪਹਿਲਾਂ ਦੀ ਤਰ੍ਹਾਂ ਰੈਗੂਲਰ ਭਰਤੀ ਜਾਰੀ ਰੱਖੀ ਜਾਵੇ |
ਪੱਤਰਕਾਰਾਂ ਨੂੰ  ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦਸਿਆ ਕਿ ਕੇਂਦਰ ਸਰਕਾਰ ਵਲੋਂ ਨੌਜਵਾਨਾਂ ਨੂੰ  ਲਗਾਤਾਰ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ | ਇਸ ਲਈ ਸਾਰੇ ਮਹਿਕਮੇ ਨਿਜੀ ਹੱਥਾਂ ਵਿਚ ਦੇਣ ਤੋਂ ਬਾਅਦ ਭਾਰਤੀ ਫ਼ੌਜ ਨੂੰ  ਵੀ ਕਾਰਪੋਰੇਟਾਂ ਦੇ ਹਵਾਲੇ ਕਰ ਦਿਤਾ ਗਿਆ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਚ ਹੋਈ ਆਪਣੀ ਹਾਰ ਦਾ ਬਦਲਾ
ਕਿਸਾਨਾਂ ਤੇ ਮਜ਼ਦੂਰਾਂ ਤੋਂ ਲੈਣ ਲਈ ਸਰਕਾਰ ਨੇ ਵੱਖ-ਵੱਖ ਖਿੱਤਿਆਂ ਅਤੇ ਕੌਮਾਂ ਨਾਲ  ਸਬੰਧਤ ਰੈਜੀਮੈਂਟਾਂ ਨੂੰ  ਖ਼ਤਮ ਕਰ ਕੇ  ਭਾਰਤ ਨੂੰ  ਹਿੰਦੂ ਰਾਸ਼ਟਰ ਬਣਾੳਣ ਦੇ ਏਜੰਡੇ ਨੂੰ  ਇਕ ਕਦਮ ਹੋਰ ਅੱਗੇ ਵਧ ਕੇ ਲਾਗੂ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਜਿਥੇ ਭਾਰਤ ਦੀਆਂ ਵੱਖ-ਵੱਖ ਰੈਜੀਮੈਂਟਾਂ ਦਾ ਇਤਿਹਾਸ ਖ਼ਤਮ ਹੋਵੇਗਾ ਉਥੇ ਹੀ ਭਾਰਤ ਦੇ ਖ਼ਾਸ ਕਰਕੇ ਕਿਸਾਨੀ ਕਿੱਤੇ ਨਾਲ ਸਬੰਧਤ ਨੌਜਵਾਨਾਂ ਦਾ ਰੁਜ਼ਗਾਰ ਵੱਡੀ ਪੱਧਰ ਤੇ ਉਨ੍ਹਾਂ ਤੋਂ ਖੋਹ ਲਿਆ ਜਾਵੇਗਾ ਅਤੇ ਆਰਐੱਸਐੱਸ ਪੱਖੀ ਨੌਜਵਾਨਾਂ ਨੂੰ  ਫ਼ੌਜ ਵਿਚ ਭਰਤੀ ਕਰ ਕੇ ਕਿਰਤੀ ਲੋਕਾਂ ਅਤੇ ਧਾਰਮਿਕ ਘੱਟ ਗਿਣਤੀਆਂ ਉੱਪਰ ਜਬਰ ਵਿੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਫਾਸ਼ੀਵਾਦੀ ਨੀਤੀ ਇਸ ਦੇਸ਼ ਨੂੰ  ਆਉਣ ਵਾਲੇ ਦਿਨਾਂ ਵਿਚ ਗਹਿਰੇ ਅੰਦਰੂਨੀ ਅਤੇ ਬਾਹਰੀ ਸੰਕਟ ਵਿਚ ਸੁੱਟ  ਦੇਵੇਗੀ |
ਉਨ੍ਹਾਂ ਨੇ ਕਿਸਾਨਾਂ ਦੇ ਨਾਲ ਵੱਖ ਵੱਖ ਤਬਕਿਆਂ ਨੂੰ  ਅਪੀਲ ਕੀਤੀ ਕਿ ਇਸ ਫਾਸ਼ੀਵਾਦੀ ਅਤੇ ਕਾਰਪੋਰੇਟ ਪੱਖੀ ਸਰਕਾਰ ਨੂੰ  ਖੇਤੀ ਕਨੂੰਨਾ ਵਾਂਗ ਇਕਜੁਟ ਹੋ ਕੇ ਹੀ ਹਰਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਦੇਸ਼ ਦੇ ਫ਼ੌਜੀ ਜਵਾਨਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਸੰਘਰਸ਼ ਲੜੇਗਾ | ਅੱਜ ਦੇ ਪ੍ਰੋਗਰਾਮਾਂ ਦੀ ਵੱਖ-ਵੱਖ ਥਾਵਾਂ 'ਤੇ ਅਗਵਾਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਪਾਲਮਾਜਰਾ, ਭਾਰਤੀ ਕਿਸਾਨ ਯੂਨੀਅਨ, ਕਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ, ਜਨਰਲ ਸਕੱਤਰ  ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਨਰਲ ਸਕੱਤਰ ਕਾਕਾ ਸਿੰਘ ਕੌਟੜਾ ਕਲਾਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ  ਜਰਨਲ ਸਕੱਤਰ  ਮੇਜਰ ਸਿੰਘ ਪੁੰਨਾਂਵਾਲ, ਮਹਿਲਾ ਕਿਸਾਨ ਸੰਗਠਨ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਸਮੇਤ ਆਗੂਆਂ ਨੇ ਕੀਤੀ |