ਪੰਜਾਬ ਸਰਕਾਰ ਸਾਰਿਆਂ ਦੀ ਭਲਾਈ ਲਈ ਵਚਨਬੱਧ: ਸੋਢੀ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਕਰਜ਼ਾ ਮੁਆਫੀ ਸਕੀਮ ਤਹਿਤ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਅਨੁਸੂਚਿਤ.............
ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਕਰਜ਼ਾ ਮੁਆਫੀ ਸਕੀਮ ਤਹਿਤ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਗੁਰੂਹਰਸਹਾਏ ਦੇ 44 ਲਾਭਪਾਤਰੀਆਂ ਨੂੰ 19 ਲੱਖ 73 ਹਜ਼ਾਰ 908 ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਹਰ ਵਰਗ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਚਲਾਈਆਂ ਗਈਆਂ ਹਨ ਉੱਥੇ ਦਲਿਤ ਅਤੇ ਪੱਛੜੇ ਵਰਗਾਂ ਦੇ ਲੋਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਵੀ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਨੂੰ ਲਾਭਪਾਤਰੀਆਂ ਦੀ ਪਛਾਣ ਕਰਕੇ ਹੇਠਲੇ ਪੱਧਰ ਤੱਕ ਸਾਰੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਖੋਲ੍ਹੇ ਗਏ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਕਿੱਤਾ ਮੁਖੀ ਕੋਰਸ ਕਰਵਾ ਕੇ ਨੌਜਵਾਨਾਂ ਨੂੰ ਆਪਣੇ ਪੈਰਾ ਤੇ ਖੜ੍ਹਾ ਕੀਤਾ ਜਾ ਰਿਹਾ ਹੈ ਅਤੇ ਰੋਜ਼ਗਾਰ ਮੇਲਿਆਂ ਰਾਹੀਂ ਨਾਮੀ ਕੰਪਨੀਆਂ ਵਿੱਚ ਯੁਵਾਵਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਡਿਪਟੀ ਡਾਇਰੈਕਟਰ ਸੁਸ਼ੀਲ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਡੀ.ਐੱਸ.ਪੀ. ਜਸਵੀਰ ਸਿੰਘ, ਜ਼ਿਲ੍ਹਾ ਮੈਨੇਜਰ ਤਲਵਿੰਦਰ ਸਿੰਘ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।