ਕੇਂਦਰੀ ਸਿੱਖ ਅਜਾਇਬ ਘਰ 'ਚ ਬੈਂਸ ਦੀ ਤਸਵੀਰ ਲਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ..........

The picture of Bains in the central Sikh museum

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ, ਜਿਸ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ 'ਤੇ ਨਿਭਾਈ। 

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਸਿੱਖ ਅਜਾਇਬ ਘਰ ਦੇ ਕੀਤੇ ਜਾ ਰਹੇ ਨਵੀਨੀਕਰਨ ਤਹਿਤ ਇਥੇ ਮਲਟੀਮੀਡੀਆ ਸਿੱਖ ਮਿਊਜੀਅਮ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਾ. ਰਘਬੀਰ ਸਿੰਘ ਬੈਂਸ ਨੇ ਸਿੱਖ ਇਨਸਾਈਕਲੋਪੀਡੀਆ ਤਿਆਰ ਕਰਨ ਦੇ ਨਾਲ-ਨਾਲ ਪੰਜ ਮਲਟੀਮੀਡੀਆ ਸਿੱਖ ਮਿਊਜੀਅਮ ਵੀ ਬਣਾਏ ਸਨ, ਜਿਨ੍ਹਾਂ ਵਿਚੋਂ ਇਕ ਖਡੂਰ ਸਾਹਿਬ ਵਿਖੇ ਸਥਿਤ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਡਾ. ਬੈਂਸ ਦੀ ਤਮੰਨਾ ਸੀ ਕਿ ਅਜਿਹਾ ਹੀ ਇਕ ਮਲਟੀਮੀਡੀਆ ਸਿੱਖ ਮਿਊਜੀਅਮ ਸ੍ਰੀ ਅੰਮ੍ਰਿਤਸਰ ਵਿਖੇ ਵੀ ਬਣਾਇਆ ਜਾਵੇ ਅਤੇ ਉਨ੍ਹਾਂ ਦਾ ਇਹ ਸੁਪਨਾ ਸ਼੍ਰੋਮਣੀ ਕਮੇਟੀ ਪੂਰਾ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਾ. ਬੈਂਸ ਦੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਸਥਿਤ ਪਿੰਡ ਮਾਣਕ ਢੇਰੀ ਵਿਖੇ ਇਕ ਧਾਰਮਿਕ ਲਾਇਬ੍ਰੇਰੀ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ। 

ਇਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਲਗਾਉਣੀ ਸ਼੍ਰੋਮਣੀ ਕਮੇਟੀ ਦਾ ਇਕ ਸ਼ਲਾਘਾਯੋਗ ਉੱਦਮ ਹੈ। ਉਨ੍ਹਾਂ ਕਿਹਾ ਕਿ ਡਾ. ਬੈਂਸ ਨੇ ਸਿੱਖੀ ਪ੍ਰਚਾਰ ਲਈ ਵੱਡੇ ਯਤਨ ਕੀਤੇ ਜੋ ਹਮੇਸ਼ਾ ਯਾਦ ਰੱਖੇ ਜਾਣਗੇ। ਇਸ ਮੌਕੇ ਗਿਆਨੀ ਰਘਬੀਰ ਸਿੰਘ ਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਵੀ ਡਾ. ਬੈਂਸ ਵਲੋਂ ਨਿਭਾਈਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਡਾ. ਬੈਂਸ ਦੇ ਜੀਵਨ ਸਫਰ ਨੂੰ ਵਿਸਥਾਰ ਵਿਚ ਸਾਂਝਾ ਕਰਦਿਆਂ ਕਿਹਾ ਕਿ ਡਾ. ਬੈਂਸ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਵਿਸ਼ੇਸ਼ ਯੋਗਦਾਨ ਪਾਇਆ ਗਿਆ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਨਸ਼ਿਆਂ ਦੇ ਮਾਰੂ ਪ੍ਰਭਾਵ ਦੇ ਖ਼ਿਲਾਫ਼ ਪ੍ਰਚਾਰ ਦੇ ਵੀ ਜ਼ਿਕਰਯੋਗ ਕਾਰਜ ਕੀਤੇ।  ਇਸ ਤੋਂ ਪਹਿਲਾ ਭਾਈ ਜਸਪਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। 

ਇਸ ਮੌਕੇ ਡਾ. ਬੈਂਸ ਦੇ ਸਪੁੱਤਰ ਸ. ਹਰਜੋਤ ਸਿੰਘ ਬੈਂਸ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਭਾਈ ਲੌਂਗੋਵਾਲ ਅਤੇ ਸਿੰਘ ਸਾਹਿਬਾਨ ਨੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਰਣਜੀਤ ਕੌਰ ਮਾਹਿਲਪੁਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ,

ਦਿਲਜੀਤ ਸਿੰਘ ਬੇਦੀ ਆਦਿ ਹਾਜ਼ਰ ਸਨ। ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਅਤੇ ਡਾ. ਬੈਂਸ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਹਰਜੋਤ ਸਿੰਘ ਬੈਂਸ (ਸਪੁੱਤਰ), ਬੀਬੀ ਸੁਖਵਿੰਦਰ ਕੌਰ ਬੈਂਸ (ਨੂੰਹ), ਕਾਕਾ ਬਿਕਰਮਜੀਤ ਸਿੰਘ ਬੈਂਸ (ਪੋਤਰਾ) ਅਤੇ ਹੋਰ ਮੌਜੂਦ ਸਨ।